ਮੁਲਾਜ਼ਮ ਮੰਗਾਂ ਨਾ ਮੰਨੇ ਜਾਣ ’ਤੇ ਕਾਂਗਰਸ ਵਲੋਂ ਸੜਕਾਂ ’ਤੇ ਉਤਰਨ ਦੀ ਚੇਤਾਵਨੀ
ਪਠਾਨਕੋਟ, 17 ਮਾਰਚ (ਸੰਧੂ )-ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਪਠਾਨਕੋਟ ਦੀ ਇਕ ਮਹੱਤਵਪੂਰਨ ਮੀਟਿੰਗ ਗਾਂਧੀ ਚੌਕ ਸਥਿਤ ਕਾਂਗਰਸ ਦਫ਼ਤਰ ਵਿਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਮੇਅਰ ਪੰਨਾ ਲਾਲ ਭਾਟੀਆ ਵਲੋਂ ਕੀਤੀ ਗਈ, ਜਿਸ ’ਚ ਸੰਗਠਨਾਤਮਕ ਮਾਮਲਿਆਂ ਦੇ ਨਾਲ-ਨਾਲ ਜਨਹਿਤ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ’ਚ ਖ਼ਾਸ ਤੌਰ ’ਤੇ ਆਉਣ ਵਾਲੇ ਦੋ ਮਹੀਨਿਆਂ ’ਚ ਪੰਜਾਬ ’ਚ ਹੋਣ ਵਾਲੀ ਐਸ. ਆਈ. ਆਰ. ਪ੍ਰਕਿਰਿਆ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸੰਕਲਪ ਲਿਆ ਕਿ ਪਠਾਨਕੋਟ ਦੇ ਹਰ ਨਾਗਰਿਕ ਦੇ ਵੋਟ ਨੂੰ ਸੁਰੱਖਿਅਤ ਰੱਖਿਆ ਜਾਵੇਗਾ, ਜੋ ਉਨ੍ਹਾਂ ਨੂੰ ਆਜ਼ਾਦੀ ਤੋਂ ਬਾਅਦ ਮਿਲਿਆ ਇਕ ਮੂਲ ਅਧਿਕਾਰ ਹੈ। ਦੂਜਾ ਮਹੱਤਵਪੂਰਨ ਮੁੱਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹਾਲੀਆ ਫ਼ੈਸਲੇ ਨਾਲ ਸੰਬੰਧਿਤ ਸੀ। ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸਰਬਸੰਮਤੀ ਨਾਲ ਇਸ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਹਾਈਕੋਰਟ ਦਾ ਧੰਨਵਾਦ ਕੀਤਾ, ਜਿਸ ਵਿਚ ਪੰਜਾਬ ਸਰਕਾਰ ਨੂੰ ਸਰਕਾਰੀ ਕਰਮਚਾਰੀਆਂ ਦੇ ਲਗਭਗ 9,000 ਕਰੋੜ ਦੇ ਮਹਿੰਗਾਈ ਭੱਤੇ ਦੇ ਬਕਾਇਆ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜੇਕਰ ਆਮ ਆਦਮੀ ਪਾਰਟੀ ਸਰਕਾਰ ਇਸ ਹੁਕਮ ਦੀ ਪਾਲਣਾ ਕਰਨ ’ਚ ਅਸਫਲ ਰਹਿੰਦੀ ਹੈ, ਤਾਂ ਜ਼ਿਲ੍ਹਾ ਕਾਂਗਰਸ ਕਮੇਟੀ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰੇਗੀ ਅਤੇ ਕਰਮਚਾਰੀਆਂ ਦੇ ਹੱਕਾਂ ਲਈ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।
;
;
;
;
;
;
;
;