ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਏ.ਆਈ.ਦੀ ਦੁਰਵਰਤੋਂ ’ਤੇ ਚਿੰਤਾ ਜਤਾਈ
ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਆਗਾਹ ਕਰਦਿਆਂ ਕਿਹਾ ਕਿ ਜਦੋਂ ਵੀ ਏ.ਆਈ. ਨਾਲ ਬਣੀ ਕੋਈ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਵੇ ਤਾਂ ਉਸ ਨੂੰ ਅਗਾਂਹ ਸਾਂਝੀ ਕਰਨ ਦੀ ਬਜਾਏ ਸੰਬੰਧਿਤ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਤੁਰੰਤ ਹੀ ਇਤਰਾਜ਼ਯੋਗ ਸਮੱਗਰੀ ਵਜੋਂ ਰਿਪੋਰਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿਚ ਆਇਆ ਹੈ ਕਿ ਅਕਸਰ ਹੀ ਜਦੋਂ ਕੋਈ ਏ.ਆਈ ਨਾਲ ਬਣੀ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਉਂਦੀ ਹੈ ਤਾਂ ਸਾਡੇ ਲੋਕ ਉਸ ਸਮੱਗਰੀ ਨੂੰ ਆਪਣੇ ਸੋਸ਼ਲ ਮੀਡੀਆ ਮੰਚਾਂ ਉੱਤੇ ਅਪਲੋਡ ਜਾਂ ਸਾਂਝਾ ਕਰਕੇ ਹੋਰ ਵੀ ਅਗਾਂਹ ਫੈਲਾ ਦਿੰਦੇ ਹਨ, ਜਿਸ ਨਾਲ ਸ਼ਰਾਰਤੀ ਅਨਸਰਾਂ ਦਾ ਮੰਤਵ ਪੂਰਾ ਹੁੰਦਾ ਹੈ। ਇਸ ਦੀ ਬਜਾਏ ਵੀਡੀਓ, ਫੋਟੋ ਨੂੰ ਤੁਰੰਤ ਰਿਪੋਰਟ ਕੀਤਾ ਜਾਵੇ।
ਜਥੇਦਾਰ ਗੜਗੱਜ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਵੀ ਹਦਾਇਤ ਕੀਤੀ ਕਿ ਅਜਿਹੇ ਮਾਮਲਿਆਂ ਵਿਚ ਸਖਤੀ ਵਰਤੀ ਜਾਵੇ ਅਤੇ ਆਪਣੇ ਆਪ ਨੋਟਿਸ ਲੈ ਕਿ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਏ.ਆਈ. ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਵਰਤਾਰੇ ਨੂੰ ਠੱਲ੍ਹਣ।
ਜਥੇਦਾਰ ਗੜਗੱਜ ਨੇ ਕਿਹਾ ਕਿ ਏ.ਆਈ. ਤਕਨਾਲੋਜੀ ਮਾੜੀ ਨਹੀਂ ਅਤੇ ਜੇਕਰ ਤਕਨੀਕ ਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਚੰਗਾ ਸਮਾਜ ਸਿਰਜਿਆ ਜਾ ਸਕਦਾ ਹੈ ਪਰ ਜਦੋਂ ਧਰਮਾਂ ਦੇ ਸਿਧਾਂਤਾਂ, ਪਰੰਪਰਾਵਾਂ ਅਤੇ ਇਤਿਹਾਸ ਆਦਿ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਇਹ ਆਧੁਨਿਕ ਤਕਨੀਕ ਵੀ ਸਵਾਲਾਂ ਦੇ ਘੇਰੇ ਵਿਚ ਆਉਂਦੀ ਹੈ।
;
;
;
;
;
;
;
;
;