JALANDHAR WEATHER

ਪੁਲਿਸ ਵਲੋਂ ਨਸ਼ਾ ਤਸਕਰੀ ਗਰੋਹ ਬੇਨਕਾਬ, 2 ਕਿੱਲੋ ਹੈਰੋਇਨ ਤੇ ਡਰੱਗ ਮਨੀ ਕੀਤੀ ਬਰਾਮਦ

ਟਾਂਗਰਾ, (ਅੰਮ੍ਰਿਤਸਰ), 1 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)- ਪੁਲਿਸ ਥਾਣਾ ਖਿਲਚੀਆਂ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਵੱਡੇ ਨਸ਼ਾ ਤਸਕਰੀ ਗਰੋਹ ਨੂੰ ਬੇਨਕਾਬ ਕੀਤਾ ਹੈ। ਉਨ੍ਹਾਂ ਕੋਲੋਂ ਦੋ ਕਿਲੋਗ੍ਰਾਮ ਹੈਰੋਇਨ ਅਤੇ 2250 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਥਾਣਾ ਖਿਲਚੀਆਂ ਦੇ ਐਸ.ਐਚ.ਓ. ਮੁਖਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗਰੋਹ ਕਾਫ਼ੀ ਸਮੇਂ ਤੋਂ ਇਲਾਕੇ ਵਿਚ ਹੇਰੋਇਨ ਦੀ ਸਪਲਾਈ ਕਰ ਰਿਹਾ ਸੀ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਲਤ ਵੱਲ ਧੱਕ ਰਿਹਾ ਸੀ।

ਪੁਲਿਸ ਅਧਿਕਾਰੀਆਂ ਅਨੁਸਾਰ ਗੁਪਤ ਸੂਚਨਾ ਮਿਲੀ ਸੀ ਕਿ ਦਲਜੀਤ ਸਿੰਘ ਉਰਫ਼ ਲਾਲਾ ਪੁੱਤਰ ਤਰਸੇਮ ਸਿੰਘ ਵਾਸੀ ਬੁੱਢਾ ਥੇਹ ਇਸ ਗਰੋਹ ਦਾ ਮੁੱਖ ਸਰਗਨਾ ਹੈ। ਇਸ ਦੇ ਨਾਲ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਵਾਸੀ ਵਜ਼ੀਰ ਭੁੱਲਰ, ਸਾਹਿਲ ਪੁੱਤਰ ਸੁਖਬੀਰ ਸਿੰਘ ਵਾਸੀ ਮਾਧੋਪੁਰ ਰੋਡ ਖਿਲਚੀਆਂ, ਕ੍ਰਿਸਦੀਪ ਸਿੰਘ ਉਰਫ਼ ਕ੍ਰਿਸ ਪੁੱਤਰ ਜਗਤਾਰ ਸਿੰਘ ਵਾਸੀ ਖਿਲਚੀਆਂ, ਗੁਰਬਲਰਾਜ ਸਿੰਘ ਉਰਫ਼ ਫੌਜੀ ਪੁੱਤਰ ਰਾਜੂ ਸਿੰਘ ਅਤੇ ਬਲਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪੰਜਾਲਾ ਮੰਡਲ ਆਦਿ ਇਸ ਗਰੋਹ ਨਾਲ ਸੰਬੰਧਿਤ ਹਨ।

ਸੂਚਨਾ ਵਿਚ ਇਹ ਵੀ ਖੁਲਾਸਾ ਹੋਇਆ ਕਿ ਉਕਤ ਦੋਸ਼ੀ ਵਿਦੇਸ਼ਾਂ ਵਿਚ ਬੈਠੇ ਕੁਝ ਸਾਥੀਆਂ ਨਾਲ ਮਿਲ ਕੇ ਨਸ਼ਾ ਤਸਕਰੀ ਦਾ ਜਾਲ ਚਲਾ ਰਹੇ ਹਨ। ਇਹ ਗਰੋਹ ਕਾਲੇਕੇ ਵਾਲੀ ਪਿੰਡ ਵਲੋਂ ਖਿਲਚੀਆਂ ਇਲਾਕੇ ਵਿਚ ਹੈਰੋਇਨ ਦੀ ਵੱਡੀ ਖੇਪ ਲਿਆਉਂਦਾ ਸੀ। ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲੀ ਕਿ ਜੇ ਕਾਲੇਕੇ ਰੋਡ ‘ਤੇ ਨਾਕਾਬੰਦੀ ਕੀਤੀ ਜਾਵੇ ਤਾਂ ਦੋਸ਼ੀਆਂ ਨੂੰ ਵੱਡੀ ਮਾਤਰਾ ਵਿਚ ਨਸ਼ੇ ਸਮੇਤ ਕਾਬੂ ਕੀਤਾ ਜਾ ਸਕਦਾ ਹੈ।


ਇਸ ਸੂਚਨਾ ਨੂੰ ਪੱਕੀ ਅਤੇ ਭਰੋਸੇਯੋਗ ਮੰਨਦੇ ਹੋਏ ਸਬ-ਇੰਸਪੈਕਟਰ ਹਰਦਿਆਲ ਸਿੰਘ ਨੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਦੇ ਹੁਕਮਾਂ ’ਤੇ ਪੁਲਿਸ ਪਾਰਟੀ ਵਲੋਂ ਕਾਰਵਾਈ ਸ਼ੁਰੂ ਕੀਤੀ ਗਈ। ਪੁਲਿਸ ਨੇ ਉਕਤ ਸਾਰੇ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਖਾਸ ਰਿਪੋਰਟ ਉੱਚ ਅਧਿਕਾਰੀਆਂ ਅਤੇ ਇਲਾਕਾ ਮੈਜਿਸਟ੍ਰੇਟ ਨੂੰ ਭੇਜੀ ਗਈ ਹੈ, ਜਦਕਿ ਕੰਟਰੋਲ ਰੂਮ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਮੁੱਖ ਅਫਸਰ ਮੁਖਤਾਰ ਸਿੰਘ ਵਲੋਂ ਦੱਸਿਆ ਗਿਆ ਹੈ ਕਿ ਪੁਲਿਸ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਨਾਕਾਬੰਦੀ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਵਿਚ ਨਸ਼ਾ ਤਸਕਰੀ ਨੂੰ ਰੋਕਣ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਦੋਸ਼ੀਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ