ਬੇਅਦਬੀ ਘਟਨਾਵਾਂ ਸੰਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵਲੋਂ ਸਵਾਗਤ
ਅੰਮ੍ਰਿਤਸਰ, 19 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਲਈ ਬਿੱਲ ਨੂੰ ਪੰਜਾਬ ਦੇ ਗਵਰਨਰ ਵਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਮੁਕੰਮਲ ਖ਼ਾਤਮਾ ਹੋਣਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਕਾਨੂੰਨ ਆਪਣੀ ਥਾਂ ਠੀਕ ਹੈ, ਪਰ ਇਸ ਤੋਂ ਵੀ ਵੱਧ ਜਰੂਰੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਪਰਦ ਕਰਕੇ ਇਸ ਮੰਦਭਾਗੇ ਵਰਤਾਰੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ। ਇਸ ਲਈ ਸਿੱਖ ਸਮਾਜ ਨੂੰ ਜਾਗਰੂਕਤਾ ਅਤੇ ਅਹਿਤਿਆਤ ਦੇ ਧਾਰਨੀ ਬਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੋਣਾ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਕਾਨੂੰਨ ਸਰਕਾਰ ਦੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਹੀ ਅਮਲ ਵਿਚ ਲਿਆ ਕੇ ਸਿੱਟਾ ਮੁੱਖੀ ਬਣ ਸਕਦਾ ਹੈ, ਕਿਉਂਕਿ ਕਾਨੂੰਨ ਪਹਿਲਾਂ ਵੀ ਮੌਜੂਦ ਹਨ, ਪਰ ਫਿਰ ਵੀ ਬੇਅਦਬੀਆਂ ਦੇ ਦੋਸ਼ੀ ਬਚ ਨਿਕਲਦੇ ਰਹੇ ਹਨ।
;
;
;
;
;
;
;
;
;