JALANDHAR WEATHER

ਕਰਨਾਟਕ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮ ਯਾਤਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ, 28 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ਜਥਿਆਂ ਦੇ ਰੂਪ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਇਸੇ ਤਹਿਤ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੈਂਗਲੁਰੂ ਤੇ ਕਰਨਾਟਕ ਸਿੱਖ ਵੈਲਫੇਅਰ ਸੁਸਾਇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਕ ਜਥਾ ਜਰਨੈਲ ਸਿੰਘ ਦੀ ਅਗਵਾਈ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇ ਨੂੰ ਜੀ-ਆਇਆਂ-ਨੂੰ ਕਿਹਾ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਕਲੀਗਰ ਅਤੇ ਵਣਜਾਰੇ ਸਿੱਖ ਕੌਮ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਉਨ੍ਹਾਂ ਦੀਆਂ ਸਕੂਲ ਫ਼ੀਸਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਪਿਛਲੇ ਸਮੇਂ ਦੌਰਾਨ ਇਨ੍ਹਾਂ ਸਿੱਖ ਪਰਿਵਾਰਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਤਹਿਤ 100 ਸ਼ਰਧਾਲੂਆਂ ਦਾ ਜਥਾ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪੁੱਜਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਨਿਰੰਤਰ ਕਾਰਜ ਕੀਤੇ ਜਾਣਗੇ।
ਜਥੇ ਦੇ ਆਗੂ ਜਰਨੈਲ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਦਿੱਤੇ ਗਏ ਮਾਣ-ਸਨਮਾਨ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਯਾਤਰਾ ਲਈ ਕੀਤੇ ਪ੍ਰਬੰਧਾਂ ਲਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ