ਚੋਰੀ ਦੇ ਝੂਠੇ ਦੋਸ਼ਾਂ ਤੋਂ ਤੰਗ ਆ ਕੇ ਮਹਿਲਾ ਵਲੋਂ ਖੁਦਕੁਸ਼ੀ
ਐੱਸ. ਏ. ਐੱਸ. ਨਗਰ, 29 ਅਪ੍ਰੈਲ (ਕਪਿਲ ਵਧਵਾ) - ਮੁਹਾਲੀ ਵਿਖੇ ਇਕ ਮਹਿਲਾ ਵਲੋਂ ਚੋਰੀ ਦੇ ਝੂਠੇ ਦੋਸ਼ਾਂ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਭਾਵਨਾ ਵਜੋਂ ਹੋਈ ਹੈ। ਇਹ ਘਟਨਾ ਮੰਗਲਵਾਰ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਦੇ ਪਤੀ ਮਹਿੰਦਰਪਾਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੀ ਪਤਨੀ ਉੱਤੇ ਸਰਬਜੀਤ ਕੌਰ ਵਲੋਂ 2 ਲੱਖ ਰੁਪਏ ਦੀ ਚੋਰੀ ਕਰਨ ਦੇ ਝੂਠੇ ਦੋਸ਼ ਲਗਾਏ ਗਏ ਸਨ ਅਤੇ ਇਸ ਸੰਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਿੱਤੀ ਗਈ ਸੀ। ਪਤੀ ਦਾ ਦੋਸ਼ ਹੈ ਕਿ ਇਸ ਸ਼ਿਕਾਇਤ ਦੇ ਆਧਾਰ ‘ਤੇ ਮਟੌਰ ਪੁਲਿਸ ਵਲੋਂ ਉਸ ਦੀ ਪਤਨੀ ਨੂੰ ਥਾਣੇ ਬੁਲਾ ਕੇ ਤੰਗ ਪਰੇਸ਼ਾਨ ਕੀਤਾ ਜਾਂਦਾ ਰਿਹਾ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦੀ ਸੀ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਤੰਗ ਪਰੇਸ਼ਾਨ ਕਰਨ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਸਰਬਜੀਤ ਕੌਰ ਖ਼ਿਲਾਫ਼ ਬੀ. ਐਨ. ਐਸ. ਦੀ ਧਾਰਾ 108 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਪੁਲਿਸ ਦਾ ਕਹਿਣਾ ਹੈ ਕਿ ਨਾਮਜ਼ਦ ਮਹਿਲਾ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਜਾਰੀ ਹੈ।
;
;
;
;
;
;
;
;