ਉਮੀਦਵਾਰਾਂ ਨੂੰ ਐਨ. ਓ. ਸੀ. ਨਾਂ ਮਿਲਣ ਤੋਂ ਭੜਕੇ ਦਾਮਨ ਬਾਜਵਾ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਦਿੱਤਾ ਗਿਆ ਧਰਨਾ
ਸੁਨਾਮ ਊਧਮ ਸਿੰਘ ਵਾਲਾ, 14 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਨਾਮ ਨਗਰ ਕੌਂਸਲ ਚੋਣਾਂ ਨੂੰ ਲੈਕੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਗਰ ਕੌਂਸਲ ਵਲੋਂ ਐਨ. ਓ. ਸੀ. ਨਾਂ ਮਿਲਣ ਤੋਂ ਭੜਕੇ ਭਾਰਤੀ ਜਨਤਾ ਪਾਰਟੀ ਦੀ ਜਿਲ੍ਹਾ ਪ੍ਰਧਾਨ ਦਾਮਨ ਬਾਜਵਾ ਵਲੋਂ ਆਪਣੇ ਸਮਰਥਕਾਂ ਸਮੇਤ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦੇਕੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਅਧਿਕਾਰੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।
ਇਸ ਸਮੇਂ ਭਾਜਪਾ ਆਗੂ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਦੂਜੇ ਦਿਨ ਦਾ ਸਮਾਂ ਵੀ ਲੰਘਣ ਵਾਲਾ ਹੈ ਪਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਅਜਾਦ ਉਮੀਦਵਾਰਾਂ ਨੂੰ ਜਾਣ-ਬੁੱਝਕੇ ਐਨ. ਓ. ਸੀ. ਨਹੀ ਦਿੱਤੀ ਜਾ ਰਹੀ। ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਪਿਛਲੇ ਕਈ ਦਿਨਾਂ ਤੋਂ ਕਾਫੀ ਖੱਜਲ-ਖੁਵਾਰ ਹੋ ਰਹੇ ਹਨ।
ਇਸ ਦੌਰਾਨ ਨਗਰ ਕੌਂਸਲ ਦੇ ਦਫਤਰ ਵਿਚ ਕਾਰਜ ਸਾਧਕ ਅਫਸਰ ਦਾ ਨਾਂ ਬੈਠਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਬਾਜਵਾ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਆਪਣੇ ਉਮੀਦਵਾਰਾਂ ਨੂੰ ਨਿਰਵਿਰੋਧ ਜਿਤਾਉਣਾ ਚਾਹੁੰਦੀ ਹੈ। ਜਿਸ ਕਾਰਨ ਇਹ ਡਰਾਮੇਬਾਜੀ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਜਿੰਨ੍ਹਾ ਕੁਝ ਕੁ ਉਮੀਦਵਾਰਾਂ ਨੂੰ ਕੱਲ ਐਨ. ਓ. ਸੀ. ਮਿਲ ਚੁੱਕੀ ਸੀ। ਉਨ੍ਹਾਂ ਨੂੰ ਵੀ ਹੁਣ ਨਵੇਂ ਫਾਰਮਾਂ ਤੇ ਐਨ. ਓ. ਸੀ. ਲੈਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਜਦੋਂ ਕਿ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗਜ ਬਿਨ੍ਹਾਂ ਰੋਕ ਟੋਕ ਦਾਖਲ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ ਨਿਰਪੱਖ ਕਰਵਾਉਣ ਦੀ ਬਜਾਏ ਲੁੱਟਣਾ ਚਾਹੁੰਦੀ ਹੈ। ਇਸ ਮੌਕੇ ਮੋਨਿਕਾ ਗੋਇਲ, ਘਣਸ਼ਿਆਮ ਕਾਂਸਲ, ਰਿੰਕੂ ਆਲਮਪੁਰੀਆ ਅਤੇ ਪਰਮਿੰਦਰ ਗੋਇਲ ਆਦਿ ਮੌਜੂਦ ਸਨ।
;
;
;
;
;
;
;