ਪ੍ਰਵਾਸੀ ਪੰਜਾਬੀਆਂ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਵੀਡਿਓ ਕਾਨਫਰੰਸ ਰਾਹੀ ਦੱਸੀਆਂ ਆਪਣੀਆਂ ਮੁਸ਼ਕਿਲਾ
ਲੈਸਟਰ (ਇੰਗਲੈਂਡ), 14 ਮਈ (ਸੁਖਜਿੰਦਰ ਸਿੰਘ ਢੱਡੇ)- ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਕਰਵਾਈ ਗਈ ਆਨਲਾਈਨ ਐਨ.ਆਰ.ਆਈ. ਮਿਲਣੀ ਨੂੰ ਦੁਨੀਆ ਭਰ ਵਿਚ ਰਹਿੰਦੇ ਪੰਜਾਬੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਹੋਈ ਇਸ ਆਨਲਾਈਨ ਲਾਈਵ ਕਾਨਫਰੰਸ ਵਿਚ ਇੰਗਲੈਂਡ, ਕੇਨੈਡਾ,ਆਸਟ੍ਰੇਲੀਆ, ਨਿਊਜ਼ੀਲੈਂਡ, ਅਮਰੀਕਾ ਅਤੇ ਯੂਰਪ ਦੇ ਵੱਖ-ਵੱਖ ਦੇਸ਼ਾਂ ਸਮੇਤ ਹੋਰ ਦੇਸ਼ਾਂ ਵਿਚ ਰਹਿ ਰਹੇ ਪੰਜਾਬੀ ਐਨ. ਆਰ. ਆਈ. ਨੇ ਹਿੱਸਾ ਲੈਂਦਿਆਂ ਆਪਣੇ ਮਸਲੇ ਅਤੇ ਮੁਸ਼ਕਲਾਂ ਸਿੱਧੇ ਸਰਕਾਰ ਦੇ ਧਿਆਨ ਵਿਚ ਲਿਆਂਦੀਆਂ।
ਇਸ ਆਨਲਾਈਨ ਐਨ.ਆਰ.ਆਈ. ਮਿਲਣੀ ਦੌਰਾਨ ਕਰੀਬ 16 ਐਨ.ਆਰ.ਆਈ. ਪੰਜਾਬੀਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇਨ੍ਹਾਂ ਵਿਚ ਜ਼ਮੀਨੀ ਵਿਵਾਦ, ਪਰਿਵਾਰਕ ਮਾਮਲੇ, ਪੁਲਿਸ ਕਾਰਵਾਈ, ਸਰਕਾਰੀ ਦਫਤਰਾਂ ਵਿਚ ਪੈਂਦੀਆਂ ਦਿੱਕਤਾਂ, ਧੋਖਾਧੜੀ ਅਤੇ ਜਾਇਦਾਦਾਂ ਨਾਲ ਜੁੜੇ ਮਸਲੇ ਮੁੱਖ ਤੌਰ ’ਤੇ ਸ਼ਾਮਲ ਸਨ। ਵਿਦੇਸ਼ਾਂ ਵਿਚ ਰਹਿ ਰਹੇ ਪੰਜਾਬੀਆਂ ਨੇ ਕਿਹਾ ਕਿ ਅਕਸਰ ਉਨ੍ਹਾਂ ਨੂੰ ਪੰਜਾਬ ਵਿਚ ਆਪਣੀਆਂ ਜਾਇਦਾਦਾਂ ਅਤੇ ਹੋਰ ਕੰਮਾਂ ਨੂੰ ਲੈ ਕੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅਜਿਹੀਆਂ ਆਨਲਾਈਨ ਮਿਲਣੀਆਂ ਨਾਲ ਉਹ ਆਪਣੇ ਮਸਲੇ ਸਿੱਧੇ ਸਰਕਾਰ ਤੱਕ ਪਹੁੰਚਾ ਸਕਦੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਉੱਚ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ। ਉਨ੍ਹਾਂ ਨੇ ਐਨ.ਆਰ.ਆਈ. ਦੀਆਂ ਗੱਲਾਂ ਧਿਆਨ ਨਾਲ ਸੁਣਦਿਆਂ ਹਰੇਕ ਮਾਮਲੇ ਨੂੰ ਗੰਭੀਰਤਾ ਨਾਲ ਨੋਟ ਕੀਤਾ ਅਤੇ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਕਈ ਮਾਮਲਿਆਂ ਵਿਚ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਤਾਂ ਜੋ ਪੀੜਤ ਲੋਕਾਂ ਨੂੰ ਜਲਦ ਰਾਹਤ ਮਿਲ ਸਕੇ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਪੰਜਾਬੀਆਂ ਨੇ ਪੰਜਾਬ ਦੀ ਤਰੱਕੀ ਵਿਚ ਹਮੇਸ਼ਾ ਵੱਡਾ ਯੋਗਦਾਨ ਪਾਇਆ ਹੈ ਅਤੇ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਆਨਲਾਈਨ ਮਿਲਣੀਆਂ ਲਗਾਤਾਰ ਕਰਵਾਈਆਂ ਜਾਣਗੀਆਂ ਤਾਂ ਜੋ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਉਨ੍ਹਾਂ ਦੇ ਮਸਲੇ ਘਰ ਬੈਠੇ ਹੀ ਸੁਣੇ ਜਾ ਸਕਣ।
ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਲਈ ਇਹ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਐਨ.ਆਰ.ਆਈ. ਭਾਈਚਾਰੇ ਨੂੰ ਆਪਣੇ ਮਸਲੇ ਸਿੱਧੇ ਸਰਕਾਰ ਅਤੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਭਰੋਸਾ ਵਧੇਗਾ। ਉਨ੍ਹਾਂ ਆਸ ਜਤਾਈ ਕਿ ਸਰਕਾਰ ਅਜਿਹੇ ਪ੍ਰੋਗਰਾਮ ਅੱਗੇ ਵੀ ਜਾਰੀ ਰੱਖੇਗੀ
ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨੇ ਵੀ ਇਸ ਆਨਲਾਈਨ ਮਿਲਣੀ ਨੂੰ ਸਫਲ ਅਤੇ ਲਾਭਦਾਇਕ ਦੱਸਦਿਆਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਆਪਣੇ ਮਸਲਿਆਂ ਲਈ ਕਾਫੀ ਲੰਮਾ ਇੰਤਜ਼ਾਰ ਕਰਨਾ ਪੈਂਦਾ ਸੀ, ਪਰ ਹੁਣ ਸਿੱਧਾ ਸਰਕਾਰ ਨਾਲ ਗੱਲਬਾਤ ਹੋਣ ਕਾਰਨ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ। ਕਈ ਐਨ.ਆਰ.ਆਈ. ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਪ੍ਰਕਿਰਿਆ ਨੂੰ ਲੋਕ ਹਿੱਤ ਵਿਚ ਚੁੱਕਿਆ ਗਿਆ ਮਹੱਤਵਪੂਰਨ ਕਦਮ ਕਰਾਰ ਦਿੱਤਾ।
;
;
;
;
;
;
;
;
;