ਭਾਜਪਾ ਉਮੀਦਵਾਰ ਅਤੇ ਹੋਰ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ
ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਰਜਨੀ ਰਾਣੀ, ਆਜ਼ਾਦ ਉਮੀਦਵਾਰ ਸਵੀਟੀ ਅਤੇ ਹੋਰ ਉਮੀਦਵਾਰਾਂ ਦੇ ਚੋਣ ਅਧਿਕਾਰੀ ਵਲੋਂ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ਵਿਚ ਭਾਜਪਾ, ਕਾਂਗਰਸ ਤੇ ਹੋਰ ਆਗੂਆਂ ਅਤੇ ਸ਼ਹਿਰ ਵਾਸੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੱਲ੍ਹ ਜਦੋਂ ਵਾਰਡ ਨੰਬਰ 31 ਦੇ ਭਾਜਪਾ ਉਮੀਦਵਾਰ ਰਜਨੀ ਰਾਣੀ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਲਈ ਇਕ ਆਜ਼ਾਦ ਉਮੀਦਵਾਰ ਵਲੋਂ ਇਤਰਾਜ ਲਗਾਏ ਗਏ ਸਨ ਤਾਂ ਉਸ ਸਮੇਂ ਬਹੁਤ ਹੰਗਾਮਾ ਖੜਾ ਹੋ ਗਿਆ ਸੀ ਅਤੇ ਲਗਾਏ ਗਏ ਇਤਰਾਜਾਂ ਦਾ ਭਾਜਪਾ ਆਗੂਆਂ ਅਤੇ ਸ਼ਹਿਰ ਵਾਸੀਆਂ ਵਲੋਂ ਵਿਰੋਧ ਕੀਤਾ ਗਿਆ ਸੀ। ਇਸ ਵਿਰੋਧ ਦੇ ਚਲਦਿਆਂ ਭਾਵੇਂ ਕਿ ਆਜ਼ਾਦ ਉਮੀਦਵਾਰ ਵਲੋਂ ਆਪਣੀ ਇਤਰਾਜ਼ ਵਾਪਸ ਲੈ ਲਏ ਗਏ ਸਨ ਅਤੇ ਇਕ ਵਾਰ ਚੋਣ ਅਧਿਕਾਰੀ ਵਲੋਂ ਭਾਜਪਾ ਉਮੀਦਵਾਰ ਦੇ ਕਾਗਜ਼ ਪ੍ਰਵਾਨ ਸੰਬੰਧੀ ਆਗੂਆਂ ਨੂੰ ਭਰੋਸਾ ਦੇ ਦਿੱਤਾ ਗਿਆ ਸੀ ਪਰ ਦੇਰ ਰਾਤ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਅਤੇ ਇਕ ਆਜ਼ਾਦ ਉਮੀਦਵਾਰ ਸਵੀਟੀ ਦੇ ਕਾਗਜ਼ ਰੱਦ ਕਰ ਦਿੱਤੇ ਗਏ। ਭਾਜਪਾ ਆਗੂਆਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਵਲੋਂ ਪ੍ਰਸ਼ਾਸਨ ਦੁਆਰਾ ਇਸ ਨੂੰ ਧੱਕੇਸ਼ਾਹੀ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ ਹੈ। ਇਸ ਧਰਨੇ ਵਿਚ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਸਮੇਤ ਵੱਡੀ ਗਿਣਤੀ ਵਿਚ ਵੱਖ ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਸ਼ਾਮਿਲ ਹੋਏ ਹਨ।
;
;
;
;
;
;
;
;
;