JALANDHAR WEATHER

ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਲਈ ਨਾਮਜ਼ਦਗੀ ਵਾਪਸ ਲੈਣ ਤੋਂ ਬਾਅਦ 237 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ

ਕਪੂਰਥਲਾ, 19 ਮਈ (ਅਮਰਜੀਤ ਕੋਮਲ) - ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ 26 ਮਈ ਨੂੰ ਹੋਣ ਵਾਲੀ ਆਮ ਚੋਣਾਂ ਲਈ ਅੱਜ ਨਾਮਜ਼ਦਗੀ ਪਰਚੇ ਵਾਪਸ ਲੈਣ ਤੋਂ ਬਾਅਦ ਕਪੂਰਥਲਾ ਦੇ 50 ਵਾਰਡਾਂ ਵਿਚੋਂ 182 ਤੇ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਵਿਚੋਂ 55 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ । ਇੱਥੇ ਵਰਨਣਯੋਗ ਹੈ ਕਿ ਨਾਮਜ਼ਦਗੀ ਪਰਚਿਆਂ ਦੀ ਪੜਤਾਲ ਮੌਕੇ ਨਗਰ ਨਿਗਮ ਕਪੂਰਥਲਾ ਦੇ ਵੱਖ-ਵੱਖ ਵਾਰਡਾਂ ਵਿਚੋਂ 301 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਸਨ, ਜਿਨ੍ਹਾਂ ਵਿਚੋਂ ਅੱਜ 119 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈ ਲਏ ।
ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਕੌਂਸਲ ਦੇ 13 ਵਾਰਡਾਂ ਵਿਚ 80 ਉਮੀਦਵਾਰਾਂ ਦੇ ਨਾਮਜ਼ਦਗੀ ਪਰਚੇ ਯੋਗ ਪਾਏ ਗਏ ਸਨ ਤੇ ਇਨ੍ਹਾਂ ਵਿਚੋਂ 25 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈਣ ਤੋਂ ਬਾਅਦ ਹੁਣ 55 ਉਮੀਦਵਾਰ ਚੋਣ ਵਿਚ ਆਪਣੀ ਕਿਸਮਤ ਅਜ਼ਮਾਉਣਗੇ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਚੋਣ ਮੈਦਾਨ ਵਿਚ ਰਹਿ ਗਏ ਉਮੀਦਵਾਰਾਂ ਨੂੰ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਵਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਕਪੂਰਥਲਾ ਤੇ ਨਗਰ ਨਿਗਮ ਸੁਲਤਾਨਪੁਰ ਲੋਧੀ ਵਿਚ ਨਾਮਜ਼ਦਗੀ ਪਰਚੇ ਵਾਪਸ ਲੈਣ ਦੀ ਪ੍ਰਕਿਰਿਆ ਅੱਜ ਸੁਚਾਰੂ ਤਰੀਕੇ ਨਾਲ ਮੁਕੰਮਲ ਹੋਈ ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਕਿਸੇ ਵੀ ਵਾਰਡ ਵਿਚੋਂ ਕੋਈ ਵੀ ਉਮੀਦਵਾਰ ਜੇਤੂ ਨਹੀਂ ਹੋ ਸਕਿਆ । ਉਨ੍ਹਾਂ ਕਿਹਾ ਕਿ ਨਗਰ ਨਿਗਮ ਤੇ ਨਗਰ ਕੌਂਸਲ ਦੀ ਚੋਣ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੋਵੇਗੀ ਤੇ 29 ਮਈ ਨੂੰ ਪ੍ਰਸ਼ਾਸਨ ਵਲੋਂ ਬਣਾਏ ਗਏ ਗਿਣਤੀ ਕੇਂਦਰਾਂ ਵਿਚ ਵੋਟਾਂ ਦੀ ਗਿਣਤੀ ਉਪਰੰਤ ਉਸੇ ਦਿਨ ਹੀ ਚੋਣ ਨਤੀਜੇ ਦਾ ਐਲਾਨ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਅਮਨ ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ । 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ