ਡੇਰਾਬੱਸੀ ਦੇ ਵਾਰਡ ਨੰਬਰ 5 ਵਿਚ ਫਿਰ ਹੋਇਆ ਹੰਗਾਮਾ, ਬੂਥ ਕੈਪਚਰਿੰਗ ਦੇ ਲੱਗੇ ਦੋਸ਼
ਡੇਰਾਬੱਸੀ, 26 ਮਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਵਾਰਡ ਨੰਬਰ ਪੰਜ ਵਿਖੇ ਚੋਣਾਂ ਦੌਰਾਨ ਉਸ ਵੇਲੇ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਇੱਥੇ ਦੂਸਰੀ ਵਾਰ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਵਿਰੋਧੀ ਧਿਰ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਸੱਤਾਧਾਰੀ ਧਿਰ 'ਤੇ ਬੂਥ ਕੈਪਚਰ ਕਰਨ ਦੇ ਗੰਭੀਰ ਦੋਸ਼ ਲਗਾਏ ਗਏ।
ਵਿਰੋਧੀ ਉਮੀਦਵਾਰਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਬੂਥ ਦੇ ਦਰਵਾਜ਼ੇ ਅੰਦਰੋਂ ਬੰਦ ਕਰਕੇ ਸ਼ਰੇਆਮ ਜਾਅਲੀ ਵੋਟਾਂ ਭੁਗਤਾਈਆਂ ਗਈਆਂ ਹਨ। ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਵਿਰੋਧੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਪੋਲਿੰਗ ਬੂਥ ਦੇ ਬਾਹਰ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਮਿਲੀ ਜਾਣਕਾਰੀ ਮੁਤਾਬਿਕ ਇਸ ਮੌਕੇ ਕਾਂਗਰਸ ਪਾਰਟੀ ਦੀ ਉਮੀਦਵਾਰ ਇੰਦੂ ਸੈਣੀ ਅਤੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਉਮੀਦਵਾਰ ਮੋਨਿਕਾ ਮੋਦਗਿੱਲ ਦੇ ਸਮਰਥਕਾਂ ਵੱਲੋਂ ਸਾਂਝੇ ਤੌਰ 'ਤੇ ਭਾਰੀ ਹੰਗਾਮਾ ਕੀਤਾ ਗਿਆ। ਹਾਲਾਤ ਨੂੰ ਕਾਬੂ ਹੇਠ ਕਰਨ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਤਿੱਖੀ ਬਹਿਸਬਾਜ਼ੀ ਅਤੇ ਧੱਕਾ-ਮੁੱਕੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ।
ਦੂਜੇ ਪਾਸੇ, ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਚੱਲ ਰਹੀ ਸੀ। ਕੁਝ ਅਨਸਰਾਂ ਵੱਲੋਂ ਜਾਣਬੁੱਝ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।
;
;
;
;
;
;
;
;
;