JALANDHAR WEATHER

2994 ਬੈਕਲੌਗ ਅਸਾਮੀਆਂ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕ ਟਾਵਰ ’ਤੇ ਚੜ੍ਹਿਆ

ਸ੍ਰੀ ਅਨੰਦਪੁਰ ਸਾਹਿਬ, 28 ਮਈ - ਪੰਜਾਬ ਵਿਚ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਇਕ ਵਾਰ ਫਿਰ ਤੀਬਰ ਹੋ ਗਿਆ ਹੈ। ਈਟੀਟੀ 6994 ਬੈਕਲੌਗ ਯੂਨੀਅਨ ਨਾਲ ਸੰਬੰਧਿਤ ਬੇਰੁਜ਼ਗਾਰ ਅਧਿਆਪਕ ਹਰਜੀਤ ਸਿੰਘ (ਬਰਨਾਲਾ) ਅੱਜ ਆਪਣੀਆਂ ਮੰਗਾਂ ਦੇ ਹੱਕ ਵਿਚ ਸਥਾਨਕ ਖੇਤਰ ਵਿਚ ਇੱਕ ਮੋਬਾਈਲ ਟਾਵਰ ’ਤੇ ਚੜ੍ਹ ਗਿਆ। ਘਟਨਾ ਤੋਂ ਬਾਅਦ ਪ੍ਰਸ਼ਾਸਨ ਅਤੇ ਯੂਨੀਅਨ ਆਗੂ ਮੌਕੇ ’ਤੇ ਪਹੁੰਚ ਗਏ ਅਤੇ ਉਸ ਨੂੰ ਹੇਠਾਂ ਉਤਾਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਯੂਨੀਅਨ ਦੇ ਪ੍ਰਧਾਨ ਅਸ਼ੋਕ ਬਾਵਾ ਨੇ ਦੱਸਿਆ ਕਿ ਇਹ ਸੰਘਰਸ਼ 2994 ਬੈਕਲੌਗ ਅਸਾਮੀਆਂ ਦੀ ਭਰਤੀ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਿੱਖਿਆ ਵਿਭਾਗ ਪਹਿਲਾਂ ਇਹ ਅਸਾਮੀਆਂ ਭਰਨ ਲਈ ਸਹਿਮਤ ਸੀ ਪਰ ਹੁਣ ਸਰਕਾਰ ਇਸ ਮਾਮਲੇ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਵੀ ਕੋਈ ਢੁੱਕਵਾਂ ਭਰੋਸਾ ਨਹੀਂ ਮਿਲਿਆ ਅਤੇ ਸਰਕਾਰ ਵਲੋਂ ਕੇਸ ਦੀ ਮੁੜ ਜਾਂਚ ਕਰਵਾਉਣ ਦੀ ਗੱਲ ਆਖੀ ਗਈ ਹੈ।
ਯੂਨੀਅਨ ਆਗੂਆਂ ਨੇ ਦਾਅਵਾ ਕੀਤਾ ਕਿ ਸਰਕਾਰ ਚੋਣ ਜ਼ਾਬਤੇ ਦਾ ਹਵਾਲਾ ਦੇ ਕੇ ਸਕਰੂਟਨੀ ਨੋਟਿਸ ਜਾਰੀ ਕਰਨ ਤੋਂ ਟਾਲਮਟੋਲ ਕਰ ਰਹੀ ਹੈ, ਜਦਕਿ ਭਰਤੀ ਨਾਲ ਸੰਬੰਧਿਤ ਸਾਰੇ ਨਿਯਮ ਉਮੀਦਵਾਰਾਂ ਦੇ ਹੱਕ ਵਿਚ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਚਾਹੇ ਤਾਂ ਨੋਟਿਸ ਤੁਰੰਤ ਜਾਰੀ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਲਗਭਗ 2500 ਉਮੀਦਵਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਭਰਤੀ ਪ੍ਰਕਿਰਿਆ ਪੂਰੀ ਹੋਣ ਦੀ ਉਡੀਕ ਕਰ ਰਹੇ ਹਨ, ਜਿਸ ਕਾਰਨ ਉਮੀਦਵਾਰ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਹੇ ਹਨ। ਯੂਨੀਅਨ ਮੁਤਾਬਕ ਇਸ ਤੋਂ ਪਹਿਲਾਂ ਵੀ ਇਕ ਮਹਿਲਾ ਉਮੀਦਵਾਰ ਨੇ ਪ੍ਰੇਸ਼ਾਨੀ ਕਾਰਨ ਨੰਗਲ ਨਹਿਰ ਵਿਚ ਛਾਲ ਮਾਰ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ।
ਜ਼ਿਕਰਯੋਗ ਹੈ ਕਿ ਹਰਜੀਤ ਸਿੰਘ ਇਸ ਤੋਂ ਪਹਿਲਾਂ ਪਟਿਆਲਾ ਦੇ ਲੀਲਾ ਭਵਨ ਨੇੜੇ ਵੀ ਲਗਭਗ 83 ਦਿਨ ਤੱਕ ਟਾਵਰ ’ਤੇ ਬੈਠ ਕੇ ਸੰਘਰਸ਼ ਕਰ ਚੁੱਕਾ ਹੈ।ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਮੰਗਾਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ