ਮੋਦੀ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣੇ
ਨਵੀਂ ਦਿੱਲੀ, 9 ਜੂਨ (ਏਜੰਸੀ)-ਐਨ.ਡੀ.ਏ. ਸਰਕਾਰ ਦੇ 12 ਸਾਲ ਪੂਰੇ ਹੋਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣਨ ਦਾ ਜਸ਼ਨ ਮਨਾਉਣ ਲਈ ਬੁੱਧਵਾਰ ਨੂੰ ਇਥੇ ਐਨ. ਡੀ. ਏ. ਦੀ ਬੈਠਕ ਹੋਵੇਗੀ | ਐਨ. ਡੀ. ਏ. ਦੇ ਸਾਰੇ ਸਹਿਯੋਗੀ ਦਲਾਂ ਦੇ ਨਾਲ-ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ, ਜਿਸ ਵਿਚ ਪ੍ਰਧਾਨ ਮੰਤਰੀ ਮੋਦੀ ਵੀ ਸ਼ਾਮਿਲ ਹਨ, ਇਸ ਅਹਿਮ ਬੈਠਕ 'ਚ ਹਿੱਸਾ ਲੈਣਗੇ | ਮੋਦੀ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣ ਗਏ ਹਨ, ਉਨ੍ਹਾਂ ਨੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਰਿਕਾਰਡ ਤੋੜਿਆ ਹੈ | ਸੂਤਰਾਂ ਅਨੁਸਾਰ ਐਨ. ਡੀ. ਏ. ਸਹਿਯੋਗੀਆਂ ਦੀ ਬੈਠਕ 'ਚ ਪ੍ਰਧਾਨ ਮੰਤਰੀ ਦੀ ਇਸ ਉਪਲਬਧੀ ਦੀ ਸ਼ਲਾਘਾ ਕਰਦੇ ਹੋਏ ਇਕ ਮਤਾ ਪਾਸ ਕੀਤੇ ਜਾਣ ਦੀ ਸੰਭਾਵਨਾ ਹੈ | 10 ਜੂਨ ਨੂੰ ਮੋਦੀ 1952 ਦੀਆਂ ਆਮ ਚੋਣਾਂ ਬਾਅਦ ਚੁਣੇ ਹੋਏ ਪ੍ਰਧਾਨ ਮੰਤਰੀ ਦੇ ਤੌਰ 'ਤੇ ਨਹਿਰੂ ਦੇ 4399 ਦਿਨਾਂ ਦੇ ਕਾਰਜਕਾਲ ਦਾ ਰਿਕਾਰਡ ਤੋੜ ਦੇਣਗੇ | ਭਾਰਤ ਮੰਡਪਮ 'ਚ ਹੋਣ ਵਾਲੀ ਐਨ. ਡੀ. ਏ. ਦੀ ਬੈਠਕ 'ਚ ਐਨ. ਡੀ. ਏ. ਸ਼ਾਸਤ ਸਾਰੇ 22 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਨਾਲ-ਨਾਲ ਗੱਠਜੋੜ ਦੇ ਸਾਰੀਆਂ ਸਹਿਯੋਗੀ ਪਾਰਟੀਆਂ ਦੇ ਨੇਤਾ ਵੀ ਸ਼ਾਮਿਲ ਹੋਣਗੇ | ਦੁਨੀਆ ਭਰ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ ਹੈ | ਸ੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ, ਪਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਜੇਮਸ ਮਾਰਾਪੇ, ਤਿ੍ਨੀਦਾਦ ਤੇ ਟੋਬੈਗੋ ਦੀ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ-ਬਿਸੇਸਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ 'ਚ ਭਾਰਤ ਕੌਮਾਂਤਰੀ ਮੁੱਦਿਆਂ 'ਤੇ ਪ੍ਰਮੁੱਖ ਆਵਾਜ਼ ਬਣ ਕੇ ਉੱਭਰਿਆ ਹੈ |
;
;
;
;
;
;
;
;
;