JALANDHAR WEATHER

ਜ਼ਮੀਨੀ ਵਿਵਾਦ ਦੇ ਫੈਸਲੇ ਵਿਚ ਕੁੱਟਮਾਰ ਕਾਰਨ ਜ਼ਖ਼ਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ

ਮਾਛੀਵਾੜਾ ਸਾਹਿਬ/ਕੁਹਾੜਾ (ਲੁਧਿਆਣਾ), 10 ਜੂਨ (ਰਾਜਦੀਪ ਸਿੰਘ ਅਲਬੇਲਾ/ਸੰਦੀਪ ਕੁਹਾੜਾ) - ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬੌਂਕੜ ਗੁੱਜਰਾਂ ਵਿਖੇ ਲੰਘੀ 22 ਮਈ ਨੂੰ ਜ਼ਮੀਨੀ ਵਿਵਾਦ ਦੇ ਫ਼ੈਸਲੇ ਵਿਚ ਗਏ ਬਜ਼ੁਰਗ ਸੁਖਦੇਵ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਹੋਈ ਸੀ, ਜਿਸ ਨੇ ਅੱਜ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਬਜ਼ੁਰਗ ਦੇ ਪੋਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਦਾ ਦਾਦਾ ਸੁਖਦੇਵ ਸਿੰਘ ਪਿੰਡ ਵਿਚ ਦੋ ਧਿਰਾਂ ਵਿਚਕਾਰ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਲਈ ਫ਼ੈਸਲਾ ਕਰਵਾਉਣ ਗਿਆ ਸੀ। ਉੱਥੇ ਹੋਏ ਝਗੜੇ ਦੌਰਾਨ ਇਕ ਧਿਰ ਵਲੋਂ ਉਸ ਦੇ ਦਾਦੇ ਸੁਖਦੇਵ ਸਿੰਘ ਨੂੰ ਟ੍ਰੈਕਟਰ ਮਾਰ ਕੇ ਸੁੱਟ ਦਿੱਤਾ। ਫਿਰ ਉਸ ਤੋਂ ਬਾਅਦ ਕਹੀਆਂ ਤੇ ਹੋਰ ਡੰਡਿਆਂ ਨਾਲ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਪਣੇ ਦਾਦੇ ਨੂੰ ਇਲਾਜ ਲਈ ਲੁਧਿਆਣਾ ਹਸਪਤਾਲ ਦਾਖਲ ਕਰਵਾਇਆ ਸੀ ਜਿਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਸ ਅਧਿਕਾਰੀਆਂ ਤੇ ਰਾਜਸੀ ਆਗੂਆਂ ਤੱਕ ਵੀ ਪਹੁੰਚ ਕੀਤੀ ਗਈ ਕਿ ਜਿਨ੍ਹਾਂ ਵਿਅਕਤੀਆਂ ਨੇ ਸੁਖਦੇਵ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਈ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਸ ਵਲੋਂ ਹੁਣ ਦਬਾਅ ਪਾਇਆ ਜਾ ਰਿਹਾ ਹੈ ਕਿ ਮ੍ਰਿਤਕ ਸੁਖਦੇਵ ਸਿੰਘ ਦਾ ਪੋਸਟ ਮਾਰਟਮ ਕਰਵਾਇਆ ਜਾਵੇ ਪਰ ਪਰਿਵਾਰਿਕ ਮੈਂਬਰਾਂ ਵਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਬਜ਼ੁਰਗ ਨੂੰ ਕਤਲ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ ਨਹੀਂ ਜਾਂਦੇ ਉਦੋਂ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਥਾਣਾ ਕੂੰਮਕਲਾਂ ਦੇ ਮੁਖੀ ਇੰਸਪੈਕਟਰ ਮਧੂ ਬਾਲਾ ਨੇ ਕਿਹਾ ਕਿ 22 ਮਈ ਨੂੰ ਜ਼ਮੀਨੀ ਵਿਵਾਦ ਕਾਰਨ 2 ਧਿਰਾਂ ਵਿਚ ਝਗੜਾ ਹੋਇਆ, ਜਿਸ ਸੰਬੰਧੀ ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਮਾਮਲਾ ਦਰਜ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਇਸ ਮਾਮਲੇ ਵਿਚ ਸੁਖਦੇਵ ਸਿੰਘ ਦੀ ਹਸਪਤਾਲ ਵਿਚ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ