JALANDHAR WEATHER

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਤਾ ਹਲਵਾਰਾ ਏਅਰਪੋਰਟ ਦਾ ਦੌਰਾ

ਜਗਰਾਉਂ (ਲੁਧਿਆਣਾ), 12 ਜੂਨ (ਕੁਲਦੀਪ ਸਿੰਘ ਲੋਹਟ)- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਅੱਜ ਪੰਜਾਬ ਦੇ ਮਹੱਤਵਪੂਰਨ ਪ੍ਰੋਜੈਕਟਾਂ ਵਿਚ ਸ਼ਾਮਲ ਹਲਵਾਰਾ ਏਅਰਪੋਰਟ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾਂ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਤੇ ਹਲਵਾਰਾ ਹਵਾਈ ਅੱਡੇ ਦਾ ਕੌਮਾਂਤਰੀਕਰਨ ਕਰਨ ਦੀ ਮੰਗ ਕੀਤੀ । ਦੌਰੇ ਦੌਰਾਨ ਕੇਂਦਰੀ ਮੰਤਰੀ ਪੁਰੀ ਨੇ ਹਵਾਈ ਅੱਡੇ ਵਿਚ ਇਕ ਪੌਦਾ ਲਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਹਰ ਨਾਗਰਿਕ ਨੂੰ ਵਾਤਾਵਰਣ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਸੁੰਦਰ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਬਾਅਦ ਹਰਦੀਪ ਸਿੰਘ ਪੁਰੀ ਨੇ ਹਵਾਈ ਅੱਡੇ ਦੇ ਅਧਿਕਾਰਿਤ ਕਰਮੀਆਂ ਅਤੇ ਸਟਾਫ਼ ਨਾਲ ਵਿਸ਼ੇਸ਼ ਰਿਵਿਊ ਬੈਠਕ ਕੀਤੀ।

ਬੈਠਕ ਦੌਰਾਨ ਉਨ੍ਹਾਂ ਨੇ ਹਲਵਾਰਾ ਹਵਾਈ ਅੱਡੇ ਦੇ ਨਿਰਮਾਣ ਕਾਰਜਾਂ, ਮੌਜੂਦਾ ਪ੍ਰਬੰਧਾਂ, ਤਕਨੀਕੀ ਸਹੂਲਤਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਕੋਲੋਂ ਹਵਾਈ ਅੱਡੇ ਨਾਲ ਜੁੜੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਭਾਜਪਾ ਆਗੂ ਰਾਜਿੰਦਰ ਸ਼ਰਮਾ ਨੇ ਕੇਂਦਰੀ ਮੰਤਰੀ ਨਾਲ ਖ਼ਾਸ ਮੁਲਾਕਾਤ ਕਰਦਿਆਂ ਮੰਗ ਰੱਖੀ ਕਿ ਹਲਵਾਰਾ ਏਅਰਪੋਰਟ ਪੰਜਾਬ ਲਈ ਇਕ ਅਹਿਮ ਪ੍ਰੋਜੈਕਟ ਹੈ, ਇਸ ਲਈ ਇਸ ਮਾਮਲੇ ਨੂੰ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧਿਆਨ ਵਿਚ ਲਿਆ ਕੇ ਹਲਵਾਰਾ ਏਅਰਪੋਰਟ ਨੂੰ ਜਲਦ ਤੋਂ ਜਲਦ ਕੌਮਾਂਤਰੀ ਹਵਾਈ ਅੱਡੇ ਦਾ ਦਰਜਾ ਦਿੱਤਾ ਜਾਵੇ, ਤਾਂ ਜੋ ਪੰਜਾਬ ਦੇ ਉਦਯੋਗ, ਵਪਾਰ, ਵਿਦੇਸ਼ੀ ਆਵਾਜਾਈ ਅਤੇ ਖੇਤਰੀ ਵਿਕਾਸ ਨੂੰ ਨਵੀਂ ਰਫ਼ਤਾਰ ਮਿਲ ਸਕੇ।

ਭਾਜਪਾ ਆਗੂਆਂ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਵੱਲੋਂ ਹਲਵਾਰਾ ਏਅਰਪੋਰਟ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਕੇ ਪੰਜਾਬ ਦੇ ਲੋਕਾਂ ਨੂੰ ਜਲਦੀ ਵੱਡੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸਤੋਂ ਬਾਅਦ ਮੰਤਰੀ ਪੁਰੀ ਲੁਧਿਆਣਾ ਲਈ ਰਵਾਨਾ ਹੋ ਗਏ, ਜਿੱਥੇ ਉਨ੍ਹਾਂ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਬੈਠਕ 'ਚ ਸ਼ਮੂਲੀਅਤ ਕੀਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ