ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ, ਪੰਜ ਵਾਹਨ ਬਰਾਮਦ
ਜ਼ੀਰਕਪੁਰ, 13 ਜੂਨ (ਅਲੀ)- ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਵਧ ਰਹੀਆਂ ਵਾਹਨ ਚੋਰੀ ਦੀਆਂ ਵਾਰਦਾਤਾਂ ਦਰਮਿਆਨ ਜ਼ੀਰਕਪੁਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਪੰਜ ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਗਏ ਹਨ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਹਿਚਾਣ ਭਬਾਤ ਵਾਸੀ ਮਨੀਸ਼ ਕੁਮਾਰ ਅਤੇ ਰਾਜਪੁਰਾ ਦੇ ਉੱਪਲਹੇੜੀ ਵਾਸੀ ਅਮਰਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਲੰਮੇ ਸਮੇਂ ਤੋਂ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ ਅਤੇ ਚੋਰੀ ਕੀਤੇ ਵਾਹਨਾਂ ਨੂੰ ਵੱਖ-ਵੱਖ ਥਾਵਾਂ ’ਤੇ ਲੁਕਾ ਕੇ ਰੱਖਦੇ ਸਨ, ਤਾਂ ਜੋ ਪੁਲਿਸ ਦੀ ਨਜ਼ਰ ਤੋਂ ਬਚ ਸਕਣ।
ਪੁਲਿਸ ਮੁਤਾਬਕ ਭਬਾਤ ਇਲਾਕੇ ਵਿਚ ਇਕ ਸ਼ੱਕੀ ਵਿਅਕਤੀ ਦੇ ਚੋਰੀ ਦੇ ਵਾਹਨ ਨਾਲ ਘੁੰਮਣ ਦੀ ਸੂਚਨਾ ਮਿਲੀ ਸੀ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮਨੀਸ਼ ਕੁਮਾਰ ਨੂੰ ਇਕ ਐਕਟਿਵਾ ਸਕੂਟਰ ਸਮੇਤ ਹਿਰਾਸਤ ਵਿਚ ਲਿਆ। ਪੁੱਛਗਿੱਛ ਦੌਰਾਨ ਗਿਰੋਹ ਨਾਲ ਜੁੜੇ ਹੋਰ ਤੱਥ ਸਾਹਮਣੇ ਆਏ, ਜਿਸ ਤੋਂ ਬਾਅਦ ਅਮਰਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।
;
;
;
;
;
;
;
;