JALANDHAR WEATHER

ਰੇਤ ਦੇ ਟਿੱਪਰ ਹੇਠਾਂ ਆਉਣ ਨਾਲ 25 ਸਾਲਾਂ ਨੌਜਵਾਨ ਦੀ ਦਰਦਨਾਕ ਮੌਤ, ਪਰਿਵਾਰ ਵਲੋਂ ਸੜਕ ਜਾਮ

ਫਿਲੌਰ, 13 ਜੂਨ (ਅਮਰਜੀਤ ਸਿੰਘ ਮੋਨੂੰ)- ਫਿਲੌਰ ਦੇ ਨਜ਼ਦੀਕੀ ਪਿੰਡ ਮੀਓਵਾਲ ਵਿਖੇ ਇਕ ਦਰਦਨਾਕ ਸੜਕ ਹਾਦਸੇ ਵਿਚ 25 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੀ ਪਛਾਣ ਕਮਲਜੀਤ ਸਿੰਘ ਵਜੋਂ ਹੋਈ ਹੈ, ਜੋ ਤਲਵਣ ਤੋਂ ਆਪਣੇ ਪਿੰਡ ਵਾਪਸ ਆ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ, ਰਸਤੇ ਵਿਚ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਰੇਤ ਨਾਲ ਭਰੇ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਟਿੱਪਰ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਗਿਆ। ਪੁਲਿਸ ਵਲੋਂ ਤੁਰੰਤ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦਿਆਂ ਉਨ੍ਹਾਂ ਨੇ ਮ੍ਰਿਤਕ ਦੀ ਦੇਹ ਤਲਵਣ ਰੋਡ 'ਤੇ ਰੱਖ ਕੇ ਸੜਕ ਜਾਮ ਕਰ ਦਿੱਤੀ ਅਤੇ ਧਰਨਾ ਸ਼ੁਰੂ ਕਰ ਦਿੱਤਾ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਰਸਤੇ ਤੋਂ ਹਰ ਰੋਜ਼ ਰੇਤ ਨਾਲ ਭਰੇ ਟਿੱਪਰ ਤੇਜ਼ ਰਫ਼ਤਾਰ ਨਾਲ ਲੰਘਦੇ ਹਨ, ਪਰ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਇਲਾਕੇ ਵਿਚ ਚੱਲ ਰਹੀ ਰੇਤ ਦੀ ਖੱਡ ਨੂੰ ਤੁਰੰਤ ਬੰਦ ਕਰਵਾਇਆ ਜਾਵੇ ਅਤੇ ਹਾਦਸੇ ਲਈ ਜ਼ਿੰਮੇਵਾਰ ਟਿੱਪਰ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਪਰਿਵਾਰਕ ਮੈਂਬਰਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਡੀ.ਐਸ.ਪੀ. ਫਿਲੌਰ ਭਾਰਤ ਮਸੀਹ ਨੇ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਦੋ ਦਿਨਾਂ ਦੇ ਅੰਦਰ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ ਅਤੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਲਾਕੇ ਵਿਚ ਨਾਕਾਬੰਦੀ ਵਧਾਈ ਜਾਵੇਗੀ ਅਤੇ ਬਿਨਾਂ ਨੰਬਰ ਜਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ