JALANDHAR WEATHER

ਬਿਕਰਮ ਸਿੰਘ ਮਜੀਠੀਆ ਅਤੇ ਜੋਧ ਸਿੰਘ ਸਮਰਾ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਅਜਨਾਲਾ (ਅੰਮ੍ਰਿਤਸਰ), 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਨਗਰ ਕੌਂਸਲ ਚੋਣਾਂ ਤੋਂ ਬਾਅਦ ਥਾਣਾ ਮਜੀਠਾ ਵਿਖੇ ਵਾਪਰੇ ਘਟਨਾਕ੍ਰਮ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਨੂੰ ਅੱਜ ਜ਼ਮਾਨਤ ਮਿਲਣ ਦੀ ਖ਼ਬਰ ਮਿਲਦਿਆਂ ਹੀ ਹਲਕਾ ਅਜਨਾਲਾ ਦੇ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ।ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਤੇ ਐਡਵੋਕੇਟ ਮਨਜੀਤ ਸਿੰਘ ਨਿੱਝਰ, ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਜਾਪੀਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਚੰਦ ਸਿੰਘ ਹਰੜ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਚੱਕ ਡੋਗਰਾ ਸਮੇਤ ਹੋਰਨਾਂ ਆਗੂਆਂ ਨੇ ਮਾਨਯੋਗ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਇਨਸਾਫ਼ ਅਤੇ ਕਾਨੂੰਨੀ ਪ੍ਰਕਿਰਿਆ ਉੱਤੇ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਵਾਲਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਪਰਚਿਆਂ ਨਾਲ ਡਰਾਇਆ ਨਹੀਂ ਜਾ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ।
ਉਕਤ ਆਗੂਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਅਤੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਸਰਕਾਰੀ ਤੰਤਰ ਦੀ ਵਰਤੋਂ ਕਰ ਰਹੀ ਹੈ, ਪਰ ਅਦਾਲਤਾਂ ਵਿਚ ਹਰੇਕ ਮਾਮਲੇ ਦੀ ਸੁਣਵਾਈ ਤੱਥਾਂ ਅਤੇ ਕਾਨੂੰਨ ਦੇ ਆਧਾਰ 'ਤੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਰਾਜਨੀਤਿਕ ਮਤਭੇਦ ਹੋ ਸਕਦੇ ਹਨ, ਪਰ ਕਿਸੇ ਵੀ ਵਿਅਕਤੀ ਜਾਂ ਪਾਰਟੀ ਨੂੰ ਸਿਆਸੀ ਨੁਕਸਾਨ ਪਹੁੰਚਾਉਣ ਲਈ ਕਾਨੂੰਨੀ ਪ੍ਰਕਿਰਿਆ ਦੀ ਵਰਤੋਂ ਨਹੀਂ ਹੋਣੀ ਚਾਹੀਦੀ। ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੀ ਜਨਤਾ ਅੱਜ ਮਹਿੰਗਾਈ, ਬੇਰੁਜ਼ਗਾਰੀ, ਕਿਸਾਨੀ ਸੰਕਟ, ਨਸ਼ਿਆਂ ਅਤੇ ਬੁਨਿਆਦੀ ਸਹੂਲਤਾਂ ਵਰਗੇ ਅਹਿਮ ਮੁੱਦਿਆਂ ਨਾਲ ਜੂਝ ਰਹੀ ਹੈ, ਪਰ ਸਰਕਾਰ ਇਨ੍ਹਾਂ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਸਿਆਸੀ ਬਦਲਾਖੋਰੀ ਵਿਚ ਜ਼ਿਆਦਾ ਦਿਲਚਸਪੀ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਸਮਝ ਚੁੱਕੇ ਹਨ ਕਿ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਠੋਸ ਨੀਤੀਆਂ ਅਤੇ ਕੰਮ ਦੀ ਲੋੜ ਹੈ, ਨਾ ਕਿ ਸਿਆਸੀ ਟਕਰਾਅ ਦੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ