JALANDHAR WEATHER

ਜ਼ੀਰਕਪੁਰ ਪਹੁੰਚੀ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ

ਜ਼ੀਰਕਪੁਰ (ਮੁਹਾਲੀ), 18 ਜੂਨ, ਹੈਪੀ ਪੰਡਵਾਲਾ - ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਕਰਵਾਏ ਗਏ ਇਕ ਵਿਸ਼ੇਸ਼ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਅੱਜ ਜ਼ੀਰਕਪੁਰ ਪਹੁੰਚੀ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਪ੍ਰਮੁੱਖ ਵਪਾਰੀਆਂ, ਸਨਅਤਕਾਰਾਂ ਤੇ ਬੁੱਧੀਜੀਵੀਆਂ ਦੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸਮ੍ਰਿਤੀ ਇਰਾਨੀ ਨੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇਸ਼ ਦੇ ਹਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕਈ ਅਹਿਮ ਤੇ ਲਾਹੇਵੰਦ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਦੇਸ਼ ਦੀਆਂ ਕਰੋੜਾਂ ਔਰਤਾਂ ਨੂੰ ਮਿਲ ਰਿਹਾ ਹੈ। ਦੇਸ਼ ਵਿਚ ਨਵੇਂ ਉਦਯੋਗ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਰੁਜ਼ਗਾਰ ਦੇ ਨਵੇਂ ਅਵਸਰ ਪੈਦਾ ਕੀਤੇ ਜਾ ਸਕਣ ਅਤੇ ਵਪਾਰੀਆਂ ਨੂੰ ਕੰਮ ਕਾਰ ਲਈ ਇੱਕ ਬਿਹਤਰ ਮਾਹੌਲ ਮਿਲ ਸਕੇ।
ਇਸ ਮੌਕੇ ਪ੍ਰੋਗਰਾਮ ਦੇ ਪ੍ਰਬੰਧਕ ਅਤੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਮੁੱਖ ਮਹਿਮਾਨ ਸਮ੍ਰਿਤੀ ਇਰਾਨੀ ਅਤੇ ਪਹੁੰਚੀਆਂ ਹੋਈਆਂ ਹੋਰਨਾਂ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਹਲਕੇ ਦੇ ਵਪਾਰੀਆਂ ਅਤੇ ਬੁੱਧੀਜੀਵੀਆਂ ਵਲੋਂ ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ 'ਤੇ ਭਰੋਸਾ ਜਤਾਉਣ ਲਈ ਸਭ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਸਥਾਨਕ ਆਗੂ ਤੇ ਪਤਵੰਤੇ ਸੱਜਣ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ