ਤੇਜ਼ ਹਨੇਰੀ ਕਾਰਨ ਦਰੱਖਤ ਡਿੱਗਣ ਨਾਲ ਦਸੂਹਾ ਵਿਚ ਬਿਜਲੀ ਸਪਲਾਈ ਪ੍ਰਭਾਵਿਤ
ਦਸੂਹਾ, 24 ਜੂਨ (ਕੌਸ਼ਲ)- 'ਦਸੂਹਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਆਈ ਤੇਜ਼ ਹਨੇਰੀ ਅਤੇ ਮੀਂਹ ਕਾਰਨ ਸੜਕਾਂ ਦੇ ਕਿਨਾਰੇ ਖੜ੍ਹੇ ਕਈ ਦਰੱਖਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਕਈ ਥਾਵਾਂ 'ਤੇ ਦਰੱਖਤਾਂ ਦੀਆਂ ਟਾਹਣੀਆਂ ਅਤੇ ਦਰੱਖਤ ਬਿਜਲੀ ਦੀਆਂ ਤਾਰਾਂ ਉੱਪਰ ਡਿੱਗਣ ਕਾਰਨ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਪਾਵਰਕਾਮ ਦੇ ਅਧਿਕਾਰੀਆਂ ਅਨੁਸਾਰ ਬਿਜਲੀ ਲਾਈਨਾਂ ਨੂੰ ਹੋਏ ਨੁਕਸਾਨ ਦੀ ਮੁਰੰਮਤ ਲਈ ਕਰਮਚਾਰੀ ਜੰਗੀ ਪੱਧਰ 'ਤੇ ਕੰਮ ਕਰ ਰਹੇ ਹਨ। ਹਾਲਾਂਕਿ ਨੁਕਸਾਨ ਜ਼ਿਆਦਾ ਹੋਣ ਕਾਰਨ ਬਿਜਲੀ ਸਪਲਾਈ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਵਿਚ ਸਮਾਂ ਲੱਗ ਸਕਦਾ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਦਸੂਹਾ ਦੇ ਕਈ ਇਲਾਕਿਆਂ ਵਿਚ ਅੱਜ ਰਾਤ ਬਿਜਲੀ ਸਪਲਾਈ ਬੰਦ ਰਹਿਣ ਦੀ ਸੰਭਾਵਨਾ ਹੈ। ਬਿਜਲੀ ਵਿਭਾਗ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਹਿਯੋਗ ਕਰਨ ਅਤੇ ਟੁੱਟੀਆਂ ਤਾਰਾਂ ਜਾਂ ਬਿਜਲੀ ਨਾਲ ਸੰਬੰਧਿਤ ਕਿਸੇ ਵੀ ਖਤਰਨਾਕ ਸਥਿਤੀ ਤੋਂ ਦੂਰ ਰਹਿਣ।
ਦੂਜੇ ਪਾਸੇ, ਹਨੇਰੀ ਕਾਰਨ ਸੜਕਾਂ ਉੱਤੇ ਡਿੱਗੇ ਦਰੱਖਤਾਂ ਅਤੇ ਟਾਹਣੀਆਂ ਨੂੰ ਹਟਾਉਣ ਲਈ ਵੀ ਸਬੰਧਤ ਵਿਭਾਗਾਂ ਦੀਆਂ ਟੀਮਾਂ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਸਥਾਨਕ ਲੋਕਾਂ ਨੇ ਬਿਜਲੀ ਵਿਭਾਗ ਅਤੇ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਬਿਜਲੀ ਸਪਲਾਈ ਬਹਾਲ ਕਰਨ ਦੀ ਮੰਗ ਕੀਤੀ ਹੈ।
;
;
;
;
;
;
;
;
;