ਅੰਤਿਮ ਤੌਰ 'ਤੇ 63.50 ਫੀਸਦੀ ਵੋਟਿੰਗ ਦਰਜ, ਰਿਟਰਨਿੰਗ ਅਫ਼ਸਰ ਹਰਦੀਪ ਸਿੰਘ
ਗੁਰੂਹਰਸਹਾਏ, 5 ਜੁਲਾਈ (ਕਪਿਲ ਕੰਧਾਰੀ) – ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਦੌਰਾਨ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਨਜ਼ਰ ਆਈਆਂ ਅਤੇ ਲੋਕਾਂ ਨੇ ਉਤਸ਼ਾਹ ਨਾਲ ਆਪਣੇ ਮਤਾਧਿਕਾਰ ਦੀ ਵਰਤੋਂ ਕੀਤੀ। ਐੱਸ.ਡੀ.ਐੱਮ.-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਵਿੱਚ ਅੰਤਿਮ ਤੌਰ 'ਤੇ 63.50 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤਮਈ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਈ ਹੈ। ਸਾਰੇ ਪੋਲਿੰਗ ਕੇਂਦਰਾਂ 'ਤੇ ਲੋੜੀਂਦੀਆਂ ਸਹੂਲਤਾਂ ਅਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਸਨ। ਰਿਟਰਨਿੰਗ ਅਫਸਰ ਨੇ ਚੋਣ ਡਿਊਟੀ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਪੂਰੇ ਦਿਨ ਸਥਿਤੀ 'ਤੇ ਨਜ਼ਰ ਰੱਖੀ ਗਈ।
ਉਨ੍ਹਾਂ ਦੱਸਿਆ ਕਿ ਵੋਟਿੰਗ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਕੋਈ ਸੂਚਨਾ ਪ੍ਰਾਪਤ ਨਹੀਂ ਹੋਈ।ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵੋਟਰਾਂ ਨੇ ਵੱਡੀ ਗਿਣਤੀ ਵਿੱਚ ਵੋਟ ਪਾ ਕੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਆਪਣਾ ਯੋਗਦਾਨ ਪਾਇਆ। ਖ਼ਾਸ ਤੌਰ 'ਤੇ ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗ ਵੋਟਰਾਂ ਵਿਚ ਵੀ ਵੋਟਿੰਗ ਨੂੰ ਲੈ ਕੇ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਚੋਣਾਂ ਦੇ ਸ਼ਾਂਤਮਈ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋਣ 'ਤੇ ਪ੍ਰਸ਼ਾਸਨ ਨੇ ਸੰਤੁਸ਼ਟੀ ਪ੍ਰਗਟਾਈ ਹੈ।
;
;
;
;
;
;
;
;