ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਤੇ ਨਿਹੰਗ ਸਿੰਘ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ
ਚੋਗਾਵਾ/ਅੰਮ੍ਰਿਤਸਰ, 8 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪਕੇ ਅਧੀਨ ਆਉਂਦੇ ਪਿੰਡ ਠੱਠਾ ਦੇ ਨਿਹੰਗ ਸਿੰਘ ਵਲੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਤੇ ਕੁੱਟਮਾਰ ਕਰਕੇ ਜ਼ਖਮੀ ਕਰਨ ਵਾਲੀਆਂ ਵਿਰੁੱਧ ਕੋਈ ਕਾਰਵਾਈ ਨਾ ਕਰਨ 'ਤੇ ਜਥੇਬੰਦੀ ਦੀ ਰੋਹ ਭਰੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਬਾ ਸਰਵਣ ਸਿੰਘ ਨੇ ਕਿਹਾ ਕਿ ਕਸਬਾ ਚੋਗਾਵਾਂ ਵਿਖੇ ਨਸ਼ਿਆਂ ਦੀ ਭਰਮਾਰ ਹੈ। ਉਨ੍ਹਾਂ ਵਲੋਂ ਕਰੀਬ ਇਕ ਸਾਲ ਪਹਿਲਾਂ ਨਸ਼ਾ ਬੰਦ ਕਰਵਾਉਣ ਨੂੰ ਲੈ ਕੇ ਆਵਾਜ਼ ਉਠਾਈ ਗਈ। ਇਸੇ ਦੌਰਾਨ ਪਨਾਹੀਆਂ ਵਾਲੀ ਗਲੀ ਕੋਲ ਮੌਜੂਦ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਜਾਨਲੇਵਾ ਹਮਲਾ ਕਰਕੇ ਸੱਟਾਂ ਲਗਾ ਦਿੱਤੀਆਂ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਵੀ ਦਿੱਤੀ ਗਈ। ਪਰ ਦੋਸ਼ੀਆਂ ਵਿਰੁੱਧ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਤੇ ਨਾ ਹੀ ਨਸ਼ਾ ਬੰਦ ਹੋਇਆ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਨਸ਼ਾ ਬੰਦ ਨਾ ਕਰਵਾਇਆ ਤਾਂ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ ਦੀ ਅਗਵਾਈ ਹੇਠ ਸਮੂਹ ਨਿਹੰਗ ਜਥੇਬੰਦੀਆਂ ਨਸ਼ਾ ਬੰਦ ਕਰਵਾਉਣ ਲਈ ਅੱਗੇ ਆਉਣਗੀਆਂ। ਜੇਕਰ ਕੋਈ ਵੀ ਘਟਨਾ ਵਾਪਰਦੀ ਹੈ ਤਾਂ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਇਸ ਸਬੰਧੀ ਥਾਣਾ ਲੋਪੋਕੇ ਦੇ ਮੁਖੀ ਅਜੇਪਾਲ ਸਿੰਘ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕੋਈ ਵੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਜੇਕਰ ਲਿਖਤੀ ਸ਼ਿਕਾਇਤ ਆਉਂਦੀ ਹੈ ਜਾਂ ਬਿਆਨ ਦਰਜ ਕਰਵਾਉਂਦਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ।
;
;
;
;
;
;
;