JALANDHAR WEATHER

ਇਥੋਪੀਆ 'ਚ ਫਸੇ ਪੰਜਾਬ/ਹਰਿਆਣਾ ਦੇ 4 ਨੌਜਵਾਨਾਂ ਦੀ ਵਤਨ ਵਾਪਸੀ ਲਈ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 15 ਜੁਲਾਈ - ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਇਥੋਪੀਆ ਵਿਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਵਿਦੇਸ਼ ਮੰਤਰਾਲੇ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਇਹ ਚਾਰੇ ਨੌਜਵਾਨ ਟੂਰਿਸਟ ਵੀਜ਼ੇ 'ਤੇ ਇਥੋਪੀਆ ਗਏ ਸਨ, ਪਰ ਹਵਾਈ ਅੱਡੇ ਤੋਂ ਅਗਵਾਕਾਰਾਂ ਦੇ ਚੁੰਗਲ ਵਿਚੋਂ ਨਿਕਲਣ ਤੋਂ ਬਾਅਦ ਉਨ੍ਹਾਂ ਨੂੰ ਉੱਥੋਂ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ।
ਵਿਦੇਸ਼ ਮੰਤਰਾਲੇ ਨੂੰ ਲਿਖੇ ਪੱਤਰ ਵਿਚ ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਇਨ੍ਹਾਂ ਚਾਰ ਨੌਜਵਾਨਾਂ, ਜਿਨ੍ਹਾਂ ਵਿਚੋਂ ਦੋ ਪੰਜਾਬ ਅਤੇ ਦੋ ਹਰਿਆਣਾ ਨਾਲ ਸੰਬੰਧਿਤ ਹਨ, ਦੇ ਪਰਿਵਾਰ ਇਸ ਮੰਦਭਾਗੀ ਸਥਿਤੀ ਕਾਰਨ ਗੰਭੀਰ ਮਾਨਸਿਕ ਤਣਾਅ ਵਿਚੋਂ ਲੰਘ ਰਹੇ ਹਨ ਅਤੇ ਉਨ੍ਹਾਂ ਨੇ ਆਪਣੇ ਬੱਚਿਆਂ ਦੀ ਸਲਾਮਤੀ ਅਤੇ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ।
ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਪੂਰਥਲਾ (ਪੰਜਾਬ) ਦੇ ਫਗਵਾੜਾ ਦੇ ਵਸਨੀਕ ਗੌਰਵ, ਗੁਰਦਾਸਪੁਰ (ਪੰਜਾਬ) ਦੇ ਕਲਾਨੌਰ ਸਥਿਤ ਰਹੀਮਾਬਾਦ ਦੇ ਵਸਨੀਕ ਮਨਜੀਤ ਸਿੰਘ, ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਵਸਨੀਕ ਸੁਖਵਿੰਦਰ ਸਿੰਘ ਕਕਰਾਲਾ ਅਤੇ ਸੁਰਜੀਤ ਸਿੰਘ ਚੀਕਾ ਦੀ ਜਲਦ ਤੋਂ ਜਲਦ ਸੁਰੱਖਿਅਤ ਭਾਰਤ ਵਾਪਸੀ ਯਕੀਨੀ ਬਣਾਉਣ ਲਈ ਤੁਰੰਤ ਦਖ਼ਲ ਦਿੱਤਾ ਜਾਵੇ।
ਸੰਸਦ ਮੈਂਬਰ ਸੰਧੂ ਨੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੈਂ ਇਥੋਪੀਆ ਵਿਚ ਫਸੇ ਨੌਜਵਾਨਾਂ ਦਾ ਮਾਮਲਾ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਹੈ। ਮੈਂ ਖੁਦ ਇਸ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ ਤੇ ਉਨ੍ਹਾਂ ਦੀ ਸੁਰੱਖਿਅਤ ਭਾਰਤ ਵਾਪਸੀ ਯਕੀਨੀ ਬਣਾਉਣ ਲਈ ਸਾਰੇ ਸੰਬੰਧਿਤ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਕਰ ਰਿਹਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ