ਮੋਹਾਲੀ ਪੁਲਿਸ ਵਲੋਂ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼, ਤਿੰਨ ਮੁਲਜ਼ਮ ਕਾਬੂ
ਮੋਹਾਲੀ, 16 ਜੁਲਾਈ- ਲਾਂਡਰਾਂ-ਬਨੂਰ ਰੋਡ ’ਤੇ ਇਕ ਸ਼ੱਕੀ ਨੌਜਵਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੋਹਾਲੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੇ ਸੰਭਾਵਿਤ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਚਾਰ ਨਾਜਾਇਜ਼ ਪਿਸਤੌਲ, ਨੌਂ ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਹੁਣ ਇਹ ਪਤਾ ਲਗਾਉਣ ਵਿਚ ਜੁਟੀ ਹੈ ਕਿ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਨ੍ਹਾਂ ਦੀ ਸਪਲਾਈ ਕਿਹੜੇ ਲੋਕਾਂ ਤੱਕ ਕੀਤੀ ਜਾਣੀ ਸੀ।
ਡੀ.ਐੱਸ.ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹੰਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਅਪਰਾਧਿਕ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦੌਰਾਨ ਸੋਹਾਣਾ ਥਾਣਾ ਪੁਲਿਸ ਦੀ ਟੀਮ ਲਾਂਡਰਾਂ-ਬਨੂਰ ਰੋਡ ’ਤੇ ਗਸ਼ਤ ਕਰ ਰਹੀ ਸੀ।
ਪੁਲਿਸ ਨੂੰ ਸੜਕ ਕਿਨਾਰੇ ਮੋਟਰਸਾਈਕਲ ਕੋਲ ਇੱਕ ਨੌਜਵਾਨ ਸ਼ੱਕੀ ਹਾਲਤ ਵਿੱਚ ਖੜ੍ਹਾ ਦਿਖਾਈ ਦਿੱਤਾ। ਪੁਲਿਸ ਟੀਮ ਨੂੰ ਦੇਖ ਕੇ ਉਹ ਮੋਟਰਸਾਈਕਲ ਛੱਡ ਕੇ ਭੱਜਣ ਲੱਗਾ, ਪਰ ਮੁਲਾਜ਼ਮਾਂ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਦੋ ਨਾਜਾਇਜ਼ ਪਿਸਤੌਲ, ਸੱਤ ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ ਮਿਲੀਆਂ।
ਮੁਲਜ਼ਮ ਦੀ ਪਛਾਣ ਰਾਮੂ ਵਾਸੀ ਬਰੇਲੀ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਉਹ ਇਸ ਸਮੇਂ ਡੇਰਾਬੱਸੀ ਦੇ ਮੁਬਾਰਕਪੁਰ ਇਲਾਕੇ ਵਿਚ ਰਹਿ ਰਿਹਾ ਸੀ। ਪੁਲਿਸ ਨੇ ਉਸ ਖ਼ਿਲਾਫ਼ ਸੋਹਾਣਾ ਥਾਣੇ ਵਿਚ ਆਰਮਜ਼ ਐਕਟ ਤਹਿਤ ਕੇਸ ਦਰਜ ਕਰਕੇ ਪੁੱਛਗਿੱਛ ਸ਼ੁਰੂ ਕੀਤੀ।
ਪੁੱਛਗਿੱਛ ਦੌਰਾਨ ਰਾਮੂ ਨੇ ਆਪਣੇ ਦੋ ਸਾਥੀਆਂ ਅਭਿਸ਼ੇਕ ਅਤੇ ਲਵਪ੍ਰੀਤ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪੁਲਿਸ ਟੀਮਾਂ ਨੇ ਡੇਰਾਬੱਸੀ ਇਲਾਕੇ ਵਿਚ ਛਾਪੇਮਾਰੀ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅਭਿਸ਼ੇਕ ਕੋਲੋਂ ਇਕ 32 ਬੋਰ ਦੀ ਪਿਸਤੌਲ, ਦੋ ਜ਼ਿੰਦਾ ਕਾਰਤੂਸ ਅਤੇ ਇਕ 315 ਬੋਰ ਦੀ ਦੇਸੀ ਪਿਸਤੌਲ ਬਰਾਮਦ ਕੀਤੀ ਗਈ।
ਪੁਲਿਸ ਅਧਿਕਾਰੀਆਂ ਅਨੁਸਾਰ ਤਿੰਨਾਂ ਮੁਲਜ਼ਮਾਂ ਕੋਲੋਂ ਕੁੱਲ ਚਾਰ ਨਾਜਾਇਜ਼ ਪਿਸਤੌਲ, ਨੌਂ ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ ਬਰਾਮਦ ਹੋਈਆਂ ਹਨ। ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਡੀ.ਐੱਸ.ਪੀ. ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਹਥਿਆਰਾਂ ਦੇ ਸਰੋਤ, ਸਪਲਾਇਰਾਂ ਅਤੇ ਸੰਭਾਵਿਤ ਖਰੀਦਦਾਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਬਰਾਮਦ ਹਥਿਆਰ ਕਿਸੇ ਵਾਰਦਾਤ ਲਈ ਵਰਤੇ ਜਾਣੇ ਸਨ ਜਾਂ ਇਨ੍ਹਾਂ ਦੀ ਅੱਗੇ ਸਪਲਾਈ ਕੀਤੀ ਜਾਣੀ ਸੀ। ਜਾਂਚ ਦੌਰਾਨ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
;
;
;
;
;
;
;
;