ਸੁਖਬੀਰ ਸਿੰਘ ਬਾਦਲ ਨੇ ਮਾਝਾ ਖੇਤਰ ਦੇ ਹਲਕਾ ਇੰਚਾਰਜਾਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਅੰਮ੍ਰਿਤਸਰ 'ਚ ਕੀਤੀ ਅਹਿਮ ਮੀਟਿੰਗ
ਅੰਮ੍ਰਿਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਆਪਣੀ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲਿ੍ਹਆਂ ਦੀ ਫੇਰੀ ਦੌਰਾਨ ਮਾਝਾ ਖੇਤਰ ਦੇ ਹਲਕਾ ਇੰਚਾਰਜਾਂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਜੀ ਚੈਰੀਟੇਬਲ ਹਸਪਤਾਲ ਤੇ ਕਾਲਜ ਵੱਲਾ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਸੁੱਚਾ ਸਿੰਘ ਲੰਗਾਹ ਤੇ ਵਿਰਸਾ ਸਿੰਘ ਵਲਟੋਹਾ ਸਮੇਤ ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਹਲਕਾ ਇੰਚਾਰਜ, ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਿਲ ਹੋਏ।
ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਵਾਂਗ ਪੰਜਾਬ ਵਿਚ ਵੀ ਕਈ ਪੇਪਰ ਲੀਕ ਹੋਏ ਹਨ ਤੇ ਸਰਕਾਰ ਨੂੰ ਆਪਣਾ ਘਰ ਵੀ ਸੁਧਾਰਨਾ ਚਾਹੀਦਾ ਹੈ। ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਬਾਰੇ ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨਾਸਤਿਕ ਹਨ ਤੇ ਕੋਈ ਵੀ ਸਰਕਾਰੀ ਅਧਿਕਾਰੀ ਬੇਅਦਬੀ ਵਾਲੇ ਸਥਾਨ 'ਤੇ ਨਹੀਂ ਪੁੱਜਾ ਤੇ ਨਾ ਹੀ ਕੋਈ ਕਾਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ 24 ਜੁਲਾਈ ਨੂੰ ਅਕਾਲ ਤਖਤ ਸਾਹਿਬ ਤੋਂ ਅਰੰਭ ਕੀਤੇ ਜਾ ਰਹੇ ਮੀਰੀ ਪੀਰੀ ਮਾਰਚ ਵਿਚ ਸ਼ਾਮਿਲ ਹੋਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਅੰਮ੍ਰਿਤਸਰ ਜ਼ਿਲੇ ਦੇ ਪਿੰਡ ਘੋਹਨੇਵਾਲ ਅਤੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ, ਜਿੱਥੇ ਬੀਤੇ ਸਾਲ ਹੜ੍ਹਾਂ ਨਾਲ ਕਾਫੀ ਨੁਕਸਾਨ ਹੋਇਆ ਸੀ, ਨੇੜਲੇ ਧੁੱਸੀ ਬੰਨ੍ਹਾਂ ਦਾ ਦੌਰਾ ਕਰਨ ਜਾ ਰਹੇ ਹਨ ਤੇ ਜੇਕਰ ਸਰਕਾਰ ਨੇ ਬੰਨ੍ਹ ਮਜ਼ਬੂਤ ਨਾ ਕੀਤੇ ਤਾਂ ਸ਼੍ਰੋਮਣੀ ਅਕਾਲੀ ਦਲ ਖੁਦ ਇਹ ਕਾਰਜ ਕਰੇਗਾ ਤਾਂ ਕਿ ਹੜ੍ਹ ਆਉਣ ਦੀ ਸੂਰਤ ਵਿਚ ਕਿਸਾਨਾਂ ਨੂੰ ਮੁੜ ਨੁਕਸਾਨ ਨਾ ਝੱਲਣਾ ਪਵੇ।
;
;
;
;
;
;
;
;