ਰਮਦਾਸ ਪਹੁੰਚੇ ਸੁਖਬੀਰ ਸਿੰਘ ਬਾਦਲ, ਧੁੱਸੀ ਬੰਨ੍ਹਾਂ ਦੀ ਮੁਰੰਮਤ ਲਈ ਡੀਜ਼ਲ ਦੇਣ ਦਾ ਕੀਤਾ ਐਲਾਨ
ਅਜਨਾਲਾ/ਰਮਦਾਸ/ਗੱਗੋਮਾਹਲ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਪੰਜਾਬ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਰਹੱਦੀ ਇਲਾਕੇ ਰਮਦਾਸ ਪਹੁੰਚੇ। ਇਸ ਦੌਰਾਨ ਉਨ੍ਹਾਂ ਸਰਹੱਦੀ ਪਿੰਡ ਘੋਨੇਵਾਲਾ ਪਹੁੰਚ ਕੇ ਧੁੱਸੀ ਬੰਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣਾ ਸੀ, ਪਰ ਭਾਰੀ ਮੀਂਹ ਅਤੇ ਖ਼ਰਾਬ ਮੌਸਮ ਕਾਰਨ ਉਹ ਧੁੱਸੀ ਬੰਨ੍ਹ ਦਾ ਨਿਰੀਖਣ ਕੀਤੇ ਬਿਨਾਂ ਹੀ ਵਾਪਸ ਪਰਤ ਗਏ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜਿੱਥੇ ਵੀ ਧੁੱਸੀ ਬੰਨ੍ਹਾਂ ਦੀ ਮੁਰੰਮਤ ਲਈ ਮਸ਼ੀਨਰੀ ਦੀ ਲੋੜ ਪਵੇਗੀ, ਉੱਥੇ ਸ਼੍ਰੋਮਣੀ ਅਕਾਲੀ ਦਲ (ਬ) ਆਪਣੀ ਤਰਫੋਂ ਡੀਜ਼ਲ ਮੁਹੱਈਆ ਕਰਵਾਏਗਾ ਤਾਂ ਜੋ ਲੋਕਾਂ ਨੂੰ ਸੰਭਾਵਿਤ ਹੜ੍ਹਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਨੂੰ ਇਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਕੋਈ ਢੁੱਕਵਾਂ ਪ੍ਰਬੰਧ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਸਰਹੱਦੀ ਇਲਾਕਿਆਂ ਦੇ ਲੋਕ ਅੱਜ ਵੀ ਖ਼ਤਰੇ ਹੇਠ ਜੀਵਨ ਬਿਤਾ ਰਹੇ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੋਧ ਸਿੰਘ ਸਮਰਾ ਨੂੰ ਹੱਲਾਸ਼ੇਰੀ ਦਿੰਦਿਆਂ ਲੋਕਾਂ ਦੇ ਨਾਲ ਡਟ ਕੇ ਖੜ੍ਹੇ ਰਹਿਣ ਲਈ ਕਿਹਾ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉੱਧਰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸੁਰੱਖਿਆ ਲਈ ਕੋਈ ਗੰਭੀਰ ਕਦਮ ਨਹੀਂ ਚੁੱਕਿਆ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਦਾਅਵੇ ਕਰ ਰਹੀ ਹੈ, ਜਦਕਿ ਜ਼ਮੀਨੀ ਪੱਧਰ 'ਤੇ ਲੋਕ ਆਪਣੇ ਹਾਲ 'ਤੇ ਛੱਡੇ ਗਏ ਹਨ। ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਜਾਪੀਰ, ਪ੍ਰਧਾਨ ਸੁਵਿੰਦਰ ਸਿੰਘ ਸਿੰਦ ਸੈਸਰਾ ਸਾਬਕਾ ਸਰਪੰਚ ਦਲਬੀਰ ਸਿੰਘ ਚੱਕ ਡੋਗਰਾਂ, ਬਲਵਿੰਦਰ ਸਿੰਘ ਕੋਟ ਗੁਰਬਖਸ਼ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਇਲਾਕਾ ਵਾਸੀਆਂ ਹਾਜ਼ਰ ਸਨ I
;
;
;
;
;
;
;
;