JALANDHAR WEATHER

ਬਿਜਲੀ ਕਾਮਿਆਂ ਦੀ ਹੜਤਾਲ ਕਾਰਨ ਫਗਵਾੜਾ ਬਲਾਕ ਹਨ੍ਹੇਰੇ ’ਚ, ਪਾਣੀ ਦਾ ਸੰਕਟ ਗਹਿਰਾਇਆ

ਫ਼ਗਵਾੜਾ, 26 ਜੁਲਾਈ (ਹਰਜੋਤ ਸਿੰਘ ਚਾਨਾ)- ਪੰਜਾਬ ’ਚ ਬਿਜਲੀ ਕਾਮਿਆਂ ਦੀ ਚੱਲ ਰਹੀ ਹੜਤਾਲ ਦਾ ਅਸਰ ਹੁਣ ਫਗਵਾੜਾ ਬਲਾਕ ’ਚ ਵੀ ਗੰਭੀਰ ਰੂਪ ’ਚ ਸਾਹਮਣੇ ਆਉਣ ਲੱਗਾ ਹੈ। ਸ਼ਹਿਰ ਤੇ ਆਸ-ਪਾਸ ਦੇ ਕਈ ਇਲਾਕਿਆਂ ’ਚ ਬਿਜਲੀ ਦੀ ਸਪਲਾਈ ਲੰਬੇ ਸਮੇਂ ਤੋਂ ਠੱਪ ਰਹਿਣ ਕਾਰਨ ਲੋਕਾਂ ਦਾ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਬਿਜਲੀ ਨਾ ਹੋਣ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਗਈ ਹੈ, ਜਿਸ ਨਾਲ ਘਰਾਂ ’ਚ ਪੀਣ ਵਾਲੇ ਪਾਣੀ ਤੇ ਰੋਜ਼ਾਨਾ ਵਰਤੋਂ ਲਈ ਪਾਣੀ ਦੀ ਭਾਰੀ ਕਮੀ ਪੈਦਾ ਹੋ ਗਈ ਹੈ। ਇਸ ਤੋਂ ਇਲਾਵਾ ਭਿਆਨਕ ਗਰਮੀ ਤੇ ਹੁੰਮਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਸਭ ਤੋਂ ਵੱਧ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਸਥਿਤੀ ਤੋਂ ਨਾਰਾਜ਼ ਮੁਹੱਲਾ ਧਰਮਕੋਟ ਦੇ ਵਸਨੀਕਾਂ ਨੇ ਐਤਵਾਰ ਨੂੰ ਹੁਸ਼ਿਆਰਪੁਰ ਰੋਡ ਸਥਿਤ ਬਿਜਲੀ ਘਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਕਰਦਿਆਂ ਕੌਂਸਲਰ ਵੀਰਾ ਰਾਮ ਵਲਜੌਤ ਨੇ ਕਿਹਾ ਕਿ ਇਲਾਕੇ ’ਚ ਕੱਲ੍ਹ ਤੋਂ ਬਿਜਲੀ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਪਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਲੋਕ ਆਪਣੀ ਸਮੱਸਿਆ ਲੈ ਕੇ ਬਿਜਲੀ ਘਰ ਪਹੁੰਚਦੇ ਹਨ ਤਾਂ ਉਨ੍ਹਾਂ ਨੂੰ ਹੜਤਾਲ ਦਾ ਹਵਾਲਾ ਦੇ ਕੇ ਕੋਈ ਠੋਸ ਜਵਾਬ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਬਿਜਲੀ ਨਾ ਹੋਣ ਕਾਰਨ ਘਰਾਂ ’ਚ ਪਾਣੀ ਨਹੀਂ ਆ ਰਿਹਾ, ਇਨਵਰਟਰ ਵੀ ਜਵਾਬ ਦੇ ਚੁੱਕੇ ਹਨ ਤੇ ਲੋਕਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

ਦੂਜੇ ਪਾਸੇ ਫਗਵਾੜਾ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਵੀ ਬਿਜਲੀ ਸਪਲਾਈ ਬਹਾਲ ਨਾ ਹੋਣ ਦੇ ਰੋਸ ਵਜੋਂ ਭੁੱਲਾਰਾਈ ਚੌਂਕ ਵਿੱਚ ਟਰਾਲੀਆਂ ਲਗਾ ਕੇ ਸੜਕ ਜਾਮ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕਈ-ਕਈ ਘੰਟਿਆਂ ਤੋਂ ਬਿਜਲੀ ਗਾਇਬ ਹੈ, ਜਿਸ ਕਾਰਨ ਘਰਾਂ ਵਿੱਚ ਰਹਿਣਾ ਮੁਸ਼ਕਿਲ ਹੋ ਗਿਆ ਹੈ। ਬਿਜਲੀ ਨਾ ਹੋਣ ਕਾਰਨ ਪੱਖੇ, ਕੂਲਰ ਅਤੇ ਹੋਰ ਜ਼ਰੂਰੀ ਬਿਜਲੀ ਉਪਕਰਨ ਬੰਦ ਪਏ ਹਨ, ਜਦਕਿ ਛੋਟੇ ਕਾਰੋਬਾਰ ਅਤੇ ਦੁਕਾਨਾਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ।

ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਕਾਮਿਆਂ ਦੀ ਹੜਤਾਲ ਨਾਲ ਪੈਦਾ ਹੋਏ ਸੰਕਟ ਦਾ ਤੁਰੰਤ ਹੱਲ ਕੱਢਿਆ ਜਾਵੇ ਅਤੇ ਫਗਵਾੜਾ ਬਲਾਕ ਸਮੇਤ ਪ੍ਰਭਾਵਿਤ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਜਲਦ ਤੋਂ ਜਲਦ ਬਹਾਲ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਇਸ ਭਾਰੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ