ਸਫ਼ਾਈ ਸੇਵਕਾਂ ਨੇ ਬਰਨਾਲਾ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ਦਾ ਫੂਕਿਆ ਪੁਤਲਾ
ਮਾਛੀਵਾੜਾ ਸਾਹਿਬ (ਲੁਧਿਆਣਾ), 27 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਲੰਘੀ 22 ਜੁਲਾਈ ਨੂੰ ਬਰਨਾਲਾ ਵਿਖੇ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨ ਦੇ ਰੋਸ ਵਜੋਂ ਮਾਛੀਵਾੜਾ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਨਗਰ ਕੌਂਸਲ ਦਫ਼ਤਰ ਤੋਂ ਸ਼ੁਰੂ ਹੋਇਆ ਅਤੇ ਸਫ਼ਾਈ ਕਰਮੀ ਲਾਠੀਚਾਰਜ ਕਰਨ ਵਾਲੇ ਪੁਲਸ ਅਧਿਕਾਰੀਆਂ ਖ਼ਿਲਾਫ਼ ਖ਼ਾਲਸਾ ਚੌਂਕ ਵਿਖੇ ਪਹੁੰਚੇ। ਰੋਸ ਮਾਰਚ ਦੌਰਾਨ ਸਫ਼ਾਈ ਸੇਵਕਾਂ ਵਲੋਂ ਜੋ ਬਾਜ਼ਾਰ ਖੁੱਲ੍ਹੇ ਸਨ ਉਹ ਬੰਦ ਕਰਵਾਏ ਗਏ ਅਤੇ ਫਿਰ ਖ਼ਾਲਸਾ ਚੌਂਕ ਵਿਖੇ ਪਹੁੰਚਕੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਫ਼ਾਈ ਸੇਵਕ ਦੇਵਕੀ ਨੰਦਨ ਮੱਟੂ ਨੇ ਕਿਹਾ ਕਿ ਬਰਨਾਲਾ ਵਿਖੇ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦੇ ਸਾਥੀਆਂ ’ਤੇ ਲਾਠੀਚਾਰਜ ਕੀਤਾ ਹੈ, ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੁਲਿਸ ਅਧਿਕਾਰੀਆਂ ਨੂੰ ਕੇਵਲ ਮੁਅੱਤਲ ਕੀਤਾ ਹੈ ਅਤੇ ਉਹ ਮੰਗ ਕਰਦੇ ਹਨ ਕਿ ਇਨ੍ਹਾਂ ਨੂੰ ਨੌਕਰੀ ਤੋਂ ਬਰਖਾਸ਼ਤ ਕੀਤਾ ਜਾਵੇ। ਰੋਸ ਪ੍ਰਦਰਸ਼ਨ ਕਰਨ ਵਾਲੇ ਸਫ਼ਾਈ ਕਰਮਚਾਰੀਆਂ ਨੇ ਕਿਹਾ ਕਿ ਸਾਡੇ ਸਾਥੀ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ’ਤੇ ਲਾਠੀਆਂ ਵਰਸਾ ਕੇ ਜ਼ਬਰ ਤੇ ਜ਼ੁਲਮ ਦੀਆਂ ਹੱਦਾਂ ਪਾਰ ਕੀਤੀਆਂ। ਸਫ਼ਾਈ ਸੇਵਕਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਵੀ ਸਾਥੀਆਂ ਦਾ ਸਾਥ ਦਿੰਦੇ ਹੋਏ ਹੜ੍ਹਤਾਲ ਕਰਨਗੇ। ਦੂਜੇ ਪਾਸੇ ਜਿਥੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਨ ਉਥੇ ਹੀ ਮਾਛੀਵਾੜਾ ਥਾਣਾ ਦੇ ਮੁਖੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜੋ ਕਿ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਮਨ, ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਮੌਕੇ ’ਤੇ ਤਾਇਨਾਤ ਰਹੀ, ਪਰ ਜਦੋਂ ਉਨ੍ਹਾਂ ਦੇਖਿਆ ਕਿ ਹੁੰਮਸ ਭਰੀ ਗਰਮੀ ਵਿਚ ਸਫ਼ਾਈ ਕਰਮਚਾਰੀ ਪਸੀਨੇ ਨਾਲ ਬੇਹਾਲ ਹੋ ਰਹੇ ਹਨ ਤਾਂ ਉਨ੍ਹਾਂ ਸਫ਼ਾਈ ਸੇਵਕਾਂ ਨੂੰ ਆਪਣੇ ਹੱਥਾਂ ਨਾਲ ਪਾਣੀ ਤੇ ਕੋਲਡ੍ਰਿੰਕ ਪਿਲਾਇਆ।
;
;
;
;
;
;
;
;