ਵਰਜੀਨੀਆ ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ’ਤੇ ਜਥੇਦਾਰ ਗੜਗੱਜ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 27 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਅੱਗ ਕਾਰਨ ਪੂਰੀ ਤਰ੍ਹਾਂ ਨੁਕਸਾਨੇ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੇਸ਼ ਦੁਨੀਆ ਵਿਚ ਵੱਸਦੀ ਸਿੱਖ ਸੰਗਤ ਨੂੰ ਸੰਦੇਸ਼ ਦਿੱਤਾ ਹੈ ਕਿ ਉਹ ਇਸ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ ਕਿ ਗੁਰੂ ਘਰਾਂ ਅੰਦਰ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣ।
ਵਰਜੀਨੀਆ ਵਿਚ ਵਾਪਰੀ ਘਟਨਾ ਦੇ ਸੰਬੰਧ ਵਿਚ ਜਥੇਦਾਰ ਗੜਗੱਜ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ਼ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ, ਆਸਟ੍ਰੇਲੀਅਨ ਸਿੱਖ ਕੌਂਸਲ ਤੋਂ ਮਨਦੀਪ ਸਿੰਘ ਅਤੇ ਗੁਰਦੁਆਰਾ ਕੌਂਸਲ ਆਫ਼ ਵਿਕਟੋਰੀਆ ਰਵੀ ਇੰਦਰ ਸਿੰਘ ਤੇ ਪ੍ਰੀਤਮ ਸਿੰਘ ਨੂੰ ਹੁਕਮ ਕੀਤਾ ਹੈ ਕਿ ਉਹ ਆਪਣੇ ਨਾਲ ਸਿੰਘ ਲੈ ਕੇ ਮੌਕੇ ਉੱਤੇ ਜਾ ਕੇ ਜਾਇਜ਼ਾ ਲੈਣਗੇ। ਇਸ ਘਟਨਾ ਅਤੇ ਗੁਰੂ ਘਰ ਵਿਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਸੰਬੰਧੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਇਹ ਸਿੰਘਾਂ ਦੀ ਟੀਮ ਆਸਟ੍ਰੇਲੀਆ ਦੇ ਸਥਾਨਕ ਪ੍ਰਸ਼ਾਸਨ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੇ ਪ੍ਰਬੰਧਕਾਂ ਨਾਲ ਤਾਲਮੇਲ ਕਰਕੇ ਘਟਨਾ ਦੀ ਸਮੁੱਚੀ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਗੁਰਦੁਆਰਾ ਦਸ਼ਮੇਸ਼ ਦਰਬਾਰ ਵਰਜੀਨੀਆ ਦੀ ਪ੍ਰਬੰਧਕ ਕਮੇਟੀ ਨੂੰ ਵੀ ਹੁਕਮ ਕੀਤਾ ਕਿ ਉਹ ਆਪ ਵੀ ਇਸ ਘਟਨਾ ਦੀ ਸਮੁੱਚੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ।
ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਸਿੱਖ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਵੱਸਦੇ ਹਨ ਅਤੇ ਜਿਥੇ ਵੀ ਸਿੱਖ ਵੱਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਾਲ ਲੈ ਕੇ ਗਏ ਹਨ ਅਤੇ ਉਨ੍ਹਾਂ ਨੇ ਮਿਹਨਤ ਨਾਲ ਸੁੰਦਰ ਗੁਰਦੁਆਰਾ ਸਾਹਿਬਾਨ ਵੀ ਸਥਾਪਤ ਕੀਤੇ ਹਨ। ਉਨ੍ਹਾਂ ਵਰਜੀਨੀਆ, ਆਸਟ੍ਰੇਲੀਆ ਦੀ ਸਿੱਖ ਸੰਗਤ ਨੂੰ ਹੌਂਸਲੇ, ਸਹਿਜ ਅਤੇ ਚੜ੍ਹਦੀ ਕਲਾ ਵਿਚ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਖਿਆ ਕਿ ਇਸ ਘਟਨਾ ਪਿੱਛੇ ਕਾਰਨ ਪਾਰਦਰਸ਼ਤਾ ਨਾਲ ਪਛਾਣੇ ਜਾਣ ਤੇ ਉਸ ਤੋਂ ਸਿੱਖਿਆ ਲੈ ਕੇ ਦੁਬਾਰਾ ਗੁਰੂ ਘਰ ਸਥਾਪਤ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਘੋਖਣਾ ਚਾਹੀਦਾ ਹੈ ਕਿ ਕਿਤੇ ਇਸ ਘਟਨਾ ਵਿਚ ਕੋਈ ਸ਼ਰਾਰਤ ਤਾਂ ਨਹੀਂ।
;
;
;
;
;
;
;
;