JALANDHAR WEATHER

ਫ਼ਗਵਾੜਾ ਵਿਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਫ਼ਗਵਾੜਾ, 29 ਜੁਲਾਈ (ਹਰਜੋਤ ਸਿੰਘ ਚਾਨਾ)- ਫਗਵਾੜਾ ਦੇ ਛੱਜ ਕਾਲੋਨੀ ਇਲਾਕੇ ਵਿਚ ਬੁੱਧਵਾਰ ਨੂੰ ਕੂੜੇ ਦੇ ਢੇਰ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਪੁਲਿਸ ਨੂੰ ਸ਼ੱਕ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਕਾਰਨ ਹੋਈ ਹੋ ਸਕਦੀ ਹੈ। ਸੂਚਨਾ ਮਿਲਦੇ ਹੀ ਐਸ.ਪੀ. ਫਗਵਾੜਾ ਮਾਧਵੀ ਸ਼ਰਮਾ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਮੁੱਢਲੀ ਜਾਂਚ ਕੀਤੀ।

ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ ਗਿਆ, ਜਿੱਥੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਸਿਵਲ ਹਸਪਤਾਲ ਦੇ ਡਾ. ਨਰੇਸ਼ ਕੁੰਦਰਾ ਨੇ ਦੱਸਿਆ ਕਿ ਅਣਪਛਾਤੇ ਨੌਜਵਾਨ ਦੀ ਲਾਸ਼ ਦੀ ਪਛਾਣ ਲਈ ਇਸ ਨੂੰ 72 ਘੰਟਿਆਂ ਤੱਕ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ, ਤਾਂ ਜੋ ਉਸ ਦੇ ਪਰਿਵਾਰਕ ਮੈਂਬਰ ਜਾਂ ਜਾਣਕਾਰ ਉਸ ਦੀ ਪਛਾਣ ਕਰ ਸਕਣ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਦੌਰਾਨ ਪਛਾਣ ਨਾ ਹੋਣ ਦੀ ਸੂਰਤ ਵਿਚ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਗੱਲਬਾਤ ਕਰਦਿਆਂ ਐਸ.ਪੀ. ਮਾਧਵੀ ਸ਼ਰਮਾ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਨੌਜਵਾਨ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਕਾਰਨ ਹੋਣ ਦਾ ਸ਼ੱਕ ਹੈ, ਪਰ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ’ਤੇ ਨਕੇਲ ਕੱਸਣ ਲਈ ਬਦਨਾਮ ਚੱਜ ਕਾਲੋਨੀ ਇਲਾਕੇ ਵਿਚ ਵਿਸ਼ੇਸ਼ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਐਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿਚ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 105 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮ੍ਰਿਤਕ ਦੀ ਪਛਾਣ ਕਰਨ ਅਤੇ ਮੌਤ ਦੇ ਅਸਲ ਹਾਲਾਤਾਂ ਦਾ ਪਤਾ ਲਗਾਉਣ ਲਈ ਹਰ ਪੱਖ ਤੋਂ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ