ਫ਼ਾਜ਼ਿਲਕਾ ਵਿਖੇ ਕਾਂਗਰਸ ਆਗੂਆਂ ਨੇ ਆਪਣੇ ਹੀ ਸਾਂਸਦ ਦਾ ਫ਼ੂਕਿਆ ਪੁੱਤਲਾ
ਫਾਜ਼ਿਲਕਾ, 30 ਜੁਲਾਈ (ਪ੍ਰਦੀਪ ਕੁਮਾਰ)– ਫਾਜ਼ਿਲਕਾ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਆਪਣੀ ਹੀ ਪਾਰਟੀ ਦੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਉਨ੍ਹਾਂ ਦਾ ਪੁਤਲਾ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਕਾਂਗਰਸੀ ਆਗੂ ਸਮਰਬੀਰ ਸਿੰਘ ਨੇ ਕੀਤੀ। ਇਸ ਦੌਰਾਨ ਫ਼ਾਜ਼ਿਲਕਾ ਦੀ ਕਾਂਗਰਸ ਇਕ ਮੰਚ ਤੇ ਇਕੱਠੀ ਦਿਖਾਈ ਦਿੱਤੀ। ਫ਼ਾਜ਼ਿਲਕਾ ਦੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਹੋਰ ਆਗੂਆਂ ਨੇ ਪਾਰਟੀ ਹਾਈਕਮਾਨ ਤੋਂ ਸੰਸਦ ਮੈਂਬਰ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਦੀ ਮੰਗ ਕੀਤੀ।
ਕਾਂਗਰਸ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਜਨਤਕ ਮੰਚ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਬਿਆਨਬਾਜ਼ੀ ਕਰਕੇ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਅੰਦਰ ਆਪਣੀ ਗੱਲ ਰੱਖਣ ਲਈ ਵੱਖਰਾ ਮੰਚ ਹੁੰਦਾ ਹੈ, ਪਰ ਮੀਡੀਆ ਰਾਹੀਂ ਪਾਰਟੀ ਲੀਡਰਸ਼ਿਪ 'ਤੇ ਸਵਾਲ ਚੁੱਕਣਾ ਅਨੁਸ਼ਾਸਨਹੀਨਤਾ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਸ਼ੇਰ ਸਿੰਘ ਘੁਬਾਇਆ ਆਪਣੀ ਹੀ ਪਾਰਟੀ ਅਤੇ ਹਾਈਕਮਾਨ ਖ਼ਿਲਾਫ਼ ਗਲਤ ਪ੍ਰਚਾਰ ਕਰ ਰਹੇ ਹਨ, ਜੋ ਪਾਰਟੀ ਦੇ ਹਿਤ ਵਿੱਚ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਘੁਬਾਇਆ ਪਰਿਵਾਰ ਨੂੰ ਕਾਂਗਰਸ ਪਾਰਟੀ ਨੇ ਪੂਰਾ ਮਾਣ-ਸਤਿਕਾਰ ਦਿੱਤਾ, ਪਰ ਇਸ ਦੇ ਬਾਵਜੂਦ ਉਹ ਪਾਰਟੀ ਲੀਡਰਸ਼ਿਪ ਖ਼ਿਲਾਫ਼ ਬਿਆਨ ਦੇ ਰਹੇ ਹਨ।
ਫ਼ਾਜ਼ਿਲਕਾ ਕਾਂਗਰਸ ਆਗੂਆਂ ਨੇ ਇਹ ਵੀ ਕਿਹਾ ਕਿ ਸ਼ੇਰ ਸਿੰਘ ਘੁਬਾਇਆ ਦੇ ਪੁੱਤਰ ਦਵਿੰਦਰ ਸਿੰਘ ਘੁਬਾਇਆ ਦੇ ਜ਼ਿਲ੍ਹਾ ਪ੍ਰਧਾਨ ਰਹਿਣ ਦੌਰਾਨ ਫਾਜ਼ਿਲਕਾ ਵਿਚ ਕਾਂਗਰਸ ਕਮਜ਼ੋਰ ਹੋਈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਖ਼ਿਲਾਫ਼ ਬਿਆਨ ਦੇਣਾ ਐਂਟੀ ਪਾਰਟੀ ਗਤੀਵਿਧੀ ਮੰਨੀ ਜਾਣੀ ਚਾਹੀਦੀ ਹੈ।
ਵਰਕਰਾਂ ਨੇ ਕਿਹਾ ਕਿ ਰਾਜਾ ਵੜਿੰਗ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਅਤੇ ਲੋਕ ਸਭਾ ਚੋਣ ਦੌਰਾਨ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਪੂਰੀ ਤਾਕਤ ਨਾਲ ਪ੍ਰਚਾਰ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਸ੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦੌਰਾਨ ਵੀ ਘੁਬਾਇਆ ਪਰਿਵਾਰ ਨੇ ਸੱਤਾ ਦਾ ਸੁਖ ਮਾਣਿਆ ਅਤੇ ਕਾਂਗਰਸ ਵਿਚ ਆਉਣ ਤੋਂ ਬਾਅਦ ਵੀ ਪਾਰਟੀ ਨੇ ਉਨ੍ਹਾਂ ਨੂੰ ਪੂਰਾ ਸਨਮਾਨ ਦਿੱਤਾ, ਪਰ ਹੁਣ ਉਹ ਆਪਣੀ ਹੀ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਦੇ ਬਿਆਨਾਂ ਤੋਂ ਸਪੱਸ਼ਟ ਹੈ ਕਿ ਉਹ ਪਾਰਟੀ ਲਾਈਨ ਤੋਂ ਹਟ ਕੇ ਬੋਲ ਰਹੇ ਹਨ, ਜਿਸ ਕਾਰਨ ਹਾਈਕਮਾਨ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
;
;
;
;
;
;
;
;